ਰਾਜਨ ਮਾਨ
ਮਜੀਠਾ, 13 ਸਤੰਬਰ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਚ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨਾਲ ਸਿਹਤਯਾਬ ਹੋਣ ਉਪਰੰਤ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਜਵਾ ਨੇ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਜਾਰੀ ਕਰ ਕੇ ਇਸ ਨੂੰ ਸੰਸਦ ਵਿੱਚੋਂ ਪਾਸ ਕਰਵਾਉਣ ਜਾ ਰਹੀ ਹੈ। ਇਸ ਦੀ ਹਮਾਇਤ ਇਸ ਦੀ ਭਾਈਵਾਲ ਤੇ ਕਿਸਾਨਾਂ ਦੀ ਹਮਾਇਤੀ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਬੀਤੇ ਦਿਨੀਂ ਕੀਤੀ ਸੀ। ਕਿਸਾਨਾਂ ਦੇ ਵਿਰੋਧ ਕਾਰਨ ਯੂ-ਟਰਨ ਪਾਰਟੀ ਪ੍ਰਧਾਨ ਨੇ ਕੋਰ ਕਮੇਟੀ ਦੀ ਮੀਟਿੰਗ ’ਚ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਤਿੰਨ ਆਰਡੀਨੈਂਸ ਪਾਸ ਕਰਨ ਲਈ ਸੰਸਦ ਵਿੱਚ ਪੇਸ਼ ਨਾ ਕਰਨ ਲਈ ਕਿਹਾ ਸੀ।
ਸ੍ਰੀ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਤੋਂ ਦੋਗਲੀ ਨੀਤੀ ਨਾਲ ਹੁਣ ਗੱਲ ਨਹੀਂ ਬਣਨੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਨੂੰ ਇੱਕਪਾਸੜ ਫ਼ੈਸਲਾ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਸਪਸ਼ਟ ਕਰਨ ਕਿ ਉਹ ਆਰਡੀਨੈਂਸ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਸਮਝ ਰਿਹਾ ਹੈ ਕਿ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ ਤੇ ਹਰਸਿਮਰਤ ਕੇਂਦਰੀ ਵਜ਼ੀਰ ਹਨ। ਉਨ੍ਹਾਂ ਕਿਹਾ ਕਿ ਇਸ ਵਜ਼ੀਰੀ ਨੂੰ ਬਚਾਉਣ ਲਈ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਕਿਸਾਨਾਂ ਨਾਲ ਖੜ੍ਹੇ ਹੋਣਾ ਦਾ ਹੈ ਤਾਂ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਫ਼ੈਸਲੇ ਲਾਗੂ ਨਾ ਕਰ ਸਕੇ।