ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਸਤੰਬਰ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 76ਵੀਂ ਵਰ੍ਹੇਗੰਢ ਅੱਜ ਇਥੇ ਅਕਾਲ ਤਖ਼ਤ ਸਾਹਿਬ ਵਿਖੇ ਮਨਾਉਂਦਿਆਂ ਫੈਡਰੇਸ਼ਨ ਆਗੂਆਂ ਨੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰਣ ਲਿਆ। ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸੰਬੋਧਨ ਕੀਤਾ।
ਦੇਸ਼ ਵੰਡ ਤੋਂ ਪਹਿਲਾਂ 13 ਸਤੰਬਰ 1944 ਨੂੰ ਹੋਂਦ ਵਿਚ ਆਈ ਇਹ ਜਥੇਬੰਦੀ ਇਸ ਵੇਲੇ ਨਿਘਾਰ ਵੱਲ ਹੈ ਅਤੇ ਕਈ ਹਿੱਸਿਆਂ ਵਿੱਚ ਵੰਡੀ ਗਈ ਹੈ, ਜਿਸ ਤਹਿਤ ਸਥਾਪਨਾ ਦਿਵਸ ਵੱਖ ਵੱਖ ਥਾਵਾਂ ’ਤੇ ਮਨਾਏ ਗਏ। ਕੱਲ੍ਹ ਫੈਡਰੇਸ਼ਨ ਭੋਮਾ ਵੱਲੋਂ ਇੱਕ ਦਿਨ ਪਹਿਲਾਂ ਹੀ ਜਥੇਬੰਦੀ ਦਾ ਸਥਾਪਨਾ ਦਿਵਸ ਮਨਾਇਆ ਗਿਆ ਸੀ। ਅੱਜ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਇਕੱਠੇ ਹੋਏ ਫੈਡਰੇਸ਼ਨ ਆਗੂਆਂ ਨੂੰ ਸੰਬੋਧਨ ਕਰਦਿਆਂ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਜਥੇਬੰਦੀ ਦੇ ਨੌਜਵਾਨਾਂ ਨੇ ਧਰਮ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਨਾਲ ਜੋੜਣ ਲਈ ਯਤਨ ਕੀਤੇ ਹਨ। ਨੌਜਵਾਨਾਂ ਵਿੱਚ ਸੇਵਾ ਦੀ ਭਾਵਨਾ ਪੈਦਾ ਕੀਤੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਥੇਬੰਦੀ ਪੰਥ ਦਾ ਹਰਿਆਵਲ ਦਸਤਾ ਹੈ, ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਾਉਣ ਅਤੇ ਹੱਕਾਂ ਦੀ ਰਾਖੀ ਲਈ ਸੁਚੇਤ ਕਰਦੀ ਰਹੀ ਹੈ। ਜਥੇਬੰਦੀ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ, ਪ੍ਰਧਾਨ ਭਾਈ ਦਲੇਰ ਸਿੰਘ ਤੇ ਹੋਰਨਾਂ ਨੇ ਜਥੇਬੰਦੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬੀ ਮਾਂ ਬੋਲੀ ਨੂੰ ਇੱਕ ਗਿਣੀ ਮਿੱਥੀ ਸਾਜਿਸ਼ ਤਹਿਤ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪਹਿਲਾਂ ਦਿੱਲੀ, ਹਰਿਆਣਾ ਅਤੇ ਹਿਮਾਚਲ ’ਚੋਂ ਪੰਜਾਬੀ ਨੂੰ ਬਾਹਰ ਕੀਤਾ ਗਿਆ ਅਤੇ ਹੁਣ ਜੰਮੂ ਕਸ਼ਮੀਰ ਵਿਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਯੋਜਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਸੂਬਿਆਂ ਦੇ ਅਧਿਕਾਰ ਖੋਹ ਕੇ ਉਨ੍ਹਾਂ ਨੂੰ ਬਲਹੀਣ ਕਰ ਦਿੱਤਾ ਹੈ। ਇਸ ਵੇਲੇ ਅਦਾਲਤੀ ਫੈਸਲੇ ਵੀ ਬਹੁਗਿਣਤੀ ਦੇ ਪ੍ਰਭਾਵ ਹੇਠ ਲਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਸੰਸਥਾਵਾਂ ’ਤੇ ਕਾਬਜ਼ ਯੋਗ ਵਿਅਕਤੀਆਂ ਕਾਰਨ ਬੇਅਦਬੀਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵੰਡ ਤੋਂ ਬਾਅਦ ਹੁਣ ਤੱਕ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਾਇਆ ਜਾ ਰਿਹਾ ਹੈ।