ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਬਿਜਲੀ ਘਰ ਮੁਹਾਲੀ ਦੇ ਬਾਹਰ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਧਰਨੇ ਪ੍ਰਦਰਸ਼ਨ ਦੀ ਅਗਵਾਈ ਪ੍ਰਧਾਨ ਹਰਜੀਤ ਸਿੰਘ ਨੇ ਕੀਤੀ। ਧਰਨੇ ਨੂੰ ਜਨਰਲ ਸਕੱਤਰ ਸ਼ਰਨਜੀਤ ਸਿੰਘ, ਮੁੱਖ ਸਲਾਹਕਾਰ ਪਰਮਜੀਤ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘਆਦਿ ਨੇ ਸੰਬੋਧਨ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਪਟਿਆਲਾ ਸਰਕਲ ਦੇ 7 ਆਗੂਆਂ ਨੂੰ ਨਿੱਜੀਕਰਨ ਦਾ ਵਿਰੋਧ ਕਰਦੇ ਹੋਏ ਡਿਸਮਿਸ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਮੁਲਾਜ਼ਮ ਜਥੇਬੰਦੀ ਦੇ ਦਬਾਅ ਸਦਕਾ ਉਨ੍ਹਾਂ ਨੂੰ ਬਹਾਲ ਤਾਂ ਕਰ ਦਿੱਤਾ ਗਿਆ ਪਰ ਅਦਾਲਤ ਕੇਸ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਦੁਬਾਰਾ ਡਿਸਮਿਸ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪਾਵਰਕੌਮ ਦੇ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਆਗੂਆਂ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਮੌਕੇ ਮੁਹਾਲੀ ਸਰਕਲ ਤੇ ਲੁਧਿਆਣਾ ਸਰਕਲ ਆਗੂਆਂ ਨੇ ਸਿਆਸੀ ਆਧਾਰ ’ਤੇ ਕੀਤੀਆਂ ਬਦਲੀਆਂ ਰੱਦ ਕਰਨ ਦੀ ਮੰਗ ਵੀ ਕੀਤੀ।