ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 12 ਮਾਰਚ
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਣੇ ਹੋਰ ਸਿੱਖ ਮਸਲਿਆਂ ਬਾਰੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ।
ਅੱਜ ਮੁਹਾਲੀ ਪ੍ਰਸ਼ਾਸਨ ਅਤੇ ਯੂਟੀ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨਾਲ ਸਲਾਹ ਮਸ਼ਵਰਾ ਕਰ ਕੇ ਮੁਹਾਲੀ ਦੇ ਐੱਸਐੱਸਪੀ ਦੀ ਸਰਕਾਰੀ ਰਿਹਾਇਸ਼ ਦੇ ਅੱਗਿਓਂ ਚੰਡੀਗੜ੍ਹ ਜਾਣ ਵਾਲੀ ਸੜਕ ‘ਤੇ ਪਿੰਡ ਕਜਹੇੜੀ ਦੀ ਹੱਦ ‘ਤੇ ਬੈਰੀਕੇਡ ਲਗਾ ਕੇ ਬੰਦ ਕੀਤਾ ਲਾਂਘਾ ਖੋਲ੍ਹ ਦਿੱਤਾ ਹੈ। ਕਈ ਰਾਹਗੀਰਾਂ ਨੇ ਦੱਸਿਆ ਕਿ ਇਸ ਸੜਕ ‘ਤੇ ਆਵਾਜਾਈ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੁਹਾਲੀ ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ (ਵਾਈਪੀਐਸ ਚੌਕ ਤੋਂ ਚੰਡੀਗੜ੍ਹ ਪਹੁੰਚ ਸੜਕ) ‘ਤੇ ਫ਼ਿਲਹਾਲ ਆਵਾਜਾਈ ਬੰਦ ਹੈ।
ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਬੰਧੀ ਧਰਨਾ ਲਗਾ ਕੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਉਠਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਅਤੇ ਹੋਰ ਜ਼ਿੰਮੇਵਾਰ ਅਥਾਰਿਟੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਦਾਖ਼ਲ ਕਰਨ ਵਾਲੀ ਸੰਸਥਾ ਅਰਾਈਵ ਸੇਫ ਸੁਸਾਇਟੀ ਆਫ਼ ਚੰਡੀਗੜ੍ਹ ਨੇ ਉੱਚ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਪ੍ਰਦਰਸ਼ਨਕਾਰੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਹ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਚਾਹੁੰਦੇ ਹਨ। ਜਸਟਿਸ ਅਗਸਟੀਨ ਜਾਰਜ ਮਸੀਹ ਅਤੇ ਜਸਟਿਸ ਗੁਰਬੀਰ ਸਿੰਘ ਦੇ ਡਿਵੀਜ਼ਨ ਬੈਂਚ ਕੋਲ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ।