ਮਨੋਜ ਸ਼ਰਮਾ
ਬਠਿੰਡਾ, 24 ਜੁਲਾਈ
ਪਲਾਟ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਲੋਂ ਅੱਜ ਵਿਜੀਲੈਂਸ ਬਿਊਰੋ ਨੇ ਤਕਰੀਬਨ ਪੰਜ ਘੰਟੇ ਪੁੱਛ-ਪੜਤਾਲ ਕੀਤੀ। ਮਨਪ੍ਰੀਤ ਬਾਦਲ ਅੱਜ ਸਵੇਰੇ 11.30 ਵਜੇ ਦੇ ਕਰੀਬ ਇੱਥੇ ਵਿਜੀਲੈਂਸ ਦਫ਼ਤਰ ਪੁੱਜੇ। ਇਸ ਮੌਕੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਸਥਾਨਕ ਸਰਕਟ ਹਾਊਸ ਪੁੱਜੇ ਹੋਏ ਸਨ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਇੱਕ ਪਲਾਟ ਦੇ ਮਾਮਲੇ ਵਿੱਚ ਕੀਤੀ ਗਈ ਸ਼ਿਕਾਇਤ ’ਤੇ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਿੰਗਲਾ ਨੇ ਦੋਸ਼ ਲਗਾਏ ਸਨ ਕਿ ਕਾਂਗਰਸ ਸਰਕਾਰ ਦੌਰਾਨ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਆਪਣੇ ਅਹੁਦੇ ਦਾ ਫ਼ਾਇਦਾ ਉਠਾਉਂਦੇ ਹੋਏ ਮਹਿੰਗੇ ਭਾਅ ਦੇ ਪਲਾਟ ਨੂੰ ਸਸਤੇ ਭਾਅ ਖ਼ਰੀਦ ਕਿ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਸੀ। ਮਨਪ੍ਰੀਤ ਸਿੰਘ ਬਾਦਲ ’ਤੇ ਦੋਸ਼ ਹਨ ਕਿ ਉਨ੍ਹਾਂ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਦੇ ਪੌਸ਼ ਇਲਾਕੇ ਮਾਡਲ ਟਾਊਨ ਫ਼ੇਜ਼-1 ਵਿੱਚ ਇੱਕ ਵਪਾਰਕ ਪਲਾਟ ਨੂੰ ਰਿਹਾਇਸ਼ੀ ਪਲਾਟ ’ਚ ਤਬਦੀਲ ਕਰਵਾ ਕੇ ਆਪਣੇ ਕਿਸੇ ਨਜ਼ਦੀਕੀ ਰਾਹੀਂ ਇਹ ਪਲਾਟ ਖਰੀਦ ਲਿਆ। ਇਸ ਸਬੰਧ ਵਿੱਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਉਨ੍ਹਾਂ ਕੋਲੋਂ ਤਕਰੀਬਨ ਪੰਜ ਘੰਟੇ ਪੁੱਛਗਿਛ ਕੀਤੀ ਗਈ। ਉਹ ਸ਼ਾਮ ਨੂੰ 4.45 ਵਜੇ ਦੇ ਕਰੀਬ ਵਿਜੀਲੈਂਸ ਦਫ਼ਤਰ ’ਚੋਂ ਬਾਹਰ ਆਏ। ਇਸ ਤੋਂ ਬਾਅਦ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੰਨਾ ਮਰਜ਼ੀ ਜ਼ੋਰ ਲਾ ਲੈਣ ਪਰ ਉਹ ਕਿਸੇ ਜਾਂਚ ਤੋਂ ਡਰਨ ਵਾਲੇ ਨਹੀਂ ਹਨ ਕਿਉਂਕਿ ਉਹ ਸਿਰਫ਼ ਆਪਣੇ ਪਿਤਾ ਤੇ ਰੱਬ ਤੋਂ ਡਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਾਂਗ ਟੋਪੀ ਅਤੇ ਮੂੰਹ ’ਤੇ ਮਾਸਕ ਲਗਾ ਕਿ ਮੁੱਖ ਮੰਤਰੀ ਦੇ ਗੋਡੇ ਹੱਥ ਲਾਉਣ ਵਾਲਿਆਂ ਵਿੱਚੋਂ ਨਹੀਂ ਹਨ। ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਵਿਜੀਲੈਂਸ ਜਾਂਚ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਉਹ ਸ਼ਖ਼ਸ ਜੋ ਲੋਕਾਂ ਦਾ ਨੁਮਾਇੰਦਾ ਹੈ, ਨੂੰ ਜਨਤਾ ਦੀ ਕਚਹਿਰੀ ਵਿੱਚ ਜਵਾਬ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਪਲਾਟ ਖ਼ਰੀਦਣ ਦਾ ਸਬੰਧ ਹੈ, ਬੀਡੀਏ ਵੱਲੋਂ ਨਾ ਵਿਕਣ ਦੀ ਸੂਰਤ ਵਿੱਚ ਇਨ੍ਹਾਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ’ਚ ਤਬਦੀਲ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਨਾ ਚਾਹੁੰਦੇ ਹੋਏ ਵੀ ਸਥਾਨਕ ਸਮਰਥਕਾਂ ਦੇ ਕਹਿਣ ’ਤੇ ਆਪਣਾ ਗੁਰੂਗ੍ਰਾਮ ਵਾਲਾ ਫਲੈਟ ਵੇਚ ਕੇ ਇਹ ਪਲਾਟ ਖ਼ਰੀਦਿਆ ਸੀ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਸਾਲ 2012 ਵਿੱਚ ਵਪਾਰਕ ਭਾਅ ’ਤੇ ਪਲਾਟ ਨਾ ਵਿਕਣ ਕਰ ਕੇ ਇਨ੍ਹਾਂ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਦੇ ਭਾਅ ਵੇਚਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਵਿੱਚ ਕੋਈ ਦਮ ਨਹੀਂ ਹੈ ਬਲਕਿ ਉਨ੍ਹਾਂ ਸਿਰਫ ਸਿਆਸੀ ਵਿਰੋਧੀ ਹੋਣ ਕਰ ਕੇ ਇਹ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਨੂੰ ਲੋਕਪਾਲ ਵੱਲੋਂ ਸਤੰਬਰ 2022 ਵਿੱਚ ਖਾਰਜ ਕੀਤਾ ਜਾ ਚੁੱਕਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਜੇਕਰ ਉਹ ਚਾਹੁੰਦੇ ਤਾਂ ਵਿੱਤ ਮੰਤਰੀ ਹੁੰਦੇ ਹੋਏ ਸ੍ਰੀ ਸਿੰਗਲਾ ਦੀਆਂ ਨਾਜਾਇਜ਼ ਕਾਲੋਨੀਆਂ ਅਤੇ ਵਕਫ਼ ਬੋਰਡ ਦੀ ਜਗ੍ਹਾ ਵਿੱਚ ਬਣੇ ਉਨ੍ਹਾਂ ਦੇ ਦਫ਼ਤਰ ਸਬੰਧੀ ਜਾਂਚ ਕਰਵਾ ਸਕਦੇ ਸਨ। ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਚਾਹ ਦਾ ਕੱਪ ਵੀ ਨਹੀਂ ਪੀਤਾ।
ਪੁੱਛ-ਪੜਤਾਲ ਤੋਂ ਪਹਿਲਾਂ ਸ਼ਕਤੀ ਪ੍ਰਦਰਸ਼ਨ ਕੀਤਾ
ਮਨਪ੍ਰੀਤ ਸਿੰਘ ਬਾਦਲ ਨੇ ਵਿਜੀਲੈਂਸ ਪੁੱਛਗਿਛ ਤੋਂ ਪਹਿਲਾਂ ਸਰਕਟ ਹਾਊਸ ਬਠਿੰਡਾ ਵਿੱਚ ਵੱਡੀ ਗਿਣਤੀ ਅਕਾਲੀ, ਭਾਜਪਾ ਆਗੂਆਂ ਤੇ ਵਰਕਰਾਂ ਨਾਲ ਅਤੇ ਬਠਿੰਡਾ ਨਗਰ ਨਿਗਮ ਦੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਤੋਂ ਇਲਾਵਾ ਦਰਜਨ ਤੋਂ ਵੱਧ ਕਾਂਗਰਸ ਕੌਂਸਲਰਾਂ ਨੂੰ ਆਪਣੇ ਪੱਖ ਵਿੱਚ ਇਕੱਤਰ ਕਰ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਜ਼ਿੰਦਾਬਾਦ ਦੇ ਨਾਅਰੇ ਵੀ ਲੱਗਦੇ ਰਹੇ। ਇਸ ਮੌਕੇ ਗਿੱਦੜਬਾਹਾ ਹਲਕੇ ਤੋਂ ਵੀ ਉਨ੍ਹਾਂ ਦੇ ਸਮਰਥਕ ਪਹੁੰਚੇ ਹੋਏ ਸਨ।