ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ
ਸੰਗਰੂਰ/ਲੌਂਗੋਵਾਲ, 20 ਅਗਸਤ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਮੌਕੇ ਮੈਡੀਕਲ ਕਾਲਜ ਅਤੇ ਹਸਪਤਾਲ ਸੰਘਰਸ਼ ਕਮੇਟੀ ਮਸਤੂਆਣਾ ਸਾਹਿਬ ਵਲੋਂ ਅਨਾਜ ਮੰਡੀ ਲੌਂਗੋਵਾਲ ’ਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਖ਼ਿਲਾਫ਼ ਵਿਸ਼ਾਲ ਕਾਨਫਰੰਸ ਕੀਤੀ ਉਥੇ ਬੱਸ ਸਟੈਂਡ ਲੌਂਗੋਵਾਲ ਨਜ਼ਦੀਕ ਮੁੱਖ ਸੜਕ ਦੇ ਦੋਵੇਂ ਪਾਸੇ ਖੜ੍ਹ ਕੇ ਦੋਵੇਂ ਅਕਾਲੀ ਦਲਾਂ ਦੇ ਸਮਾਗਮਾਂ ’ਚ ਸ਼ਾਮਲ ਹੋਣ ਵਾਲੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਗਟ ਕੀਤਾ ਗਿਆ।
ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਮੈਡੀਕਲ ਕਾਲਜ ਅਤੇ ਹਸਪਤਾਲ ਸੰਘਰਸ਼ ਕਮੇਟੀ ਮਸਤੂਆਣਾ ਸਾਹਿਬ’ ਦੇ ਕਨਵੀਨਰ ਅਤੇ ਬੀਕੇਯੂ (ਡਕੌਂਦਾ-ਧਨੇਰ) ਦੇ ਸੂਬਾ ਕਮੇਟੀ ਮੈਂਬਰ ਸਾਹਿਬ ਸਿੰਘ ਬਡਬਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਭਾਕਿਯੂ (ਉਗਰਾਹਾਂ) ਦੇ ਆਗੂ ਦਰਸ਼ਨ ਸਿੰਘ ਬੱਗੂਆਣਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਸੰਤ ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਉਸਾਰੀ ਦੇ ਰਾਹ ਵਿੱਚ ਅੜਿੱਕਾ ਪਾਇਆ ਜਾ ਰਿਹਾ ਹੈ ਜਿਸ ਕਾਰਨ ਇਲਾਕੇ ਦੀਆਂ ਸੰਗਤਾਂ ਵੱਲੋਂ ਕਾਲੀਆਂ ਝੰਡੀਆਂ ਲਹਿਰਾ ਕੇ ਆਪਣਾ ਗੁੱਸਾ ਪ੍ਰਗਟ ਕੀਤਾ ਜਾ ਰਿਹਾ ਹੈ। ਆਗੂਆਂ ਨੇ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸੰਯੁਕਤ ਦੇ ਆਗੂਆਂ ਤੇ ਵਰਕਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਦੇ ਰਾਹ ਵਿੱਚ ਅੜਿੱਕੇ ਲਾਉਣੇ ਬੰਦ ਨਾ ਕੀਤੇ ਤਾਂ ਇਨ੍ਹਾਂ ਸਭ ਦਾ ਪਿੰਡਾਂ ਵਿੱਚ ਵੜਨਾ ਬੰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਜਸਵਿੰਦਰ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਛੰਨਾਂ, ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਗਤਾਰ ਸਿੰਘ ਦੁੱਗਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੇ ਪਿੰਡਾਂ ਵਿੱਚ ਵੱਡੇ ਇਕੱਠ ਕਰਕੇ ਲੋਕਾਂ ਨੂੰ ਅਪੀਲ ਕਰਾਂਗੇ ਕਿ ਅਕਾਲੀ ਦਲਾਂ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ ਅਤੇ ਜਿਹੜਾ ਵੀ ਬੰਦਾ ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਦੇ ਹੱਕ ਵਿੱਚ ਸਪਸ਼ਟ ਸਟੈਂਡ ਨਹੀਂ ਲੈਂਦਾ ਅਤੇ ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਲਗਾਤਾਰ ਹਾਜ਼ਰੀ ਨਹੀਂ ਭਰਦਾ, ਉਸ ਨੂੰ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਪੂਰੀ ਤਰ੍ਹਾਂ ਨਕਾਰ ਦਿੱਤਾ ਜਾਵੇ। ਕਾਨਫ਼ਰੰਸ ਨੂੰ ਨੂੰ ਗੁਰਦੀਪ ਸਿੰਘ ਕੰਮੋਮਾਜਰਾ, ਕਰਨੈਲ ਸਿੰਘ ਜੱਸੇਕਾ, ਬਲਜੀਤ ਕੌਰ ਕਿਲਾ ਭਰੀਆਂ, ਕਰਮਜੀਤ ਸਿੰਘ ਗੰਡੇਵਾਲ, ਜਸਦੀਪ ਸਿੰਘ ਬਹਾਦਰਪੁਰ, ਕੁਲਦੀਪ ਜੋਸੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।