ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਸਤੰਬਰ
ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਗਰੂਰ ਆਰ.ਐੱਸ. ਰਾਏ ਵੱਲੋਂ ਸੰਗਰੂਰ ਦੀ ਜੇਲ੍ਹ ਦੇ ਬੰਦੀਆਂ ਨੂੰ ਕਿੱਤਾਮੁਖੀ ਕੋਰਸ ਕਰਵਾਉਣ ਲਈ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪੀ.ਐੱਸ. ਕਾਲੇਕਾ ਅਤੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵੀ ਹਾਜ਼ਰ ਸਨ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਆਰ.ਐੱਸ਼. ਰਾਏ ਨੇ ਦੱਸਿਆ ਕਿ ਜੇਲ੍ਹਾਂ ਦੇ ਬੰਦੀਆਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਲਈ ਪੰਜਾਬ ਭਰ ਵਿੱਚ ਇਕ ਮਹੀਨੇ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ 20 ਅਕਤੂਬਰ ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਇਲੈਕਟ੍ਰੀਕਲ ਫਿਟਿੰਗ, ਤਰਖਾਣ ਦਾ ਕੰਮ, ਟੇਲਰ ਦਾ ਕੰਮ, ਖੇਤੀਬਾੜੀ, ਬਾਗਬਾਨੀ, ਆਚਾਰ ਪਾਉਣ ਅਤੇ ਬੇਕਰੀ ਆਦਿ ਦੇ ਕੋਰਸ ਕਰਵਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਜੇਲਾਂ ਦੇ ਬੰਦੀਆਂ ਦੀ ਰਿਹਾਅ ਹੋਣ ਉਪਰੰਤ ਉਨ੍ਹਾਂ ਦੇ ਮੁੜਵਸੇਬੇ ਨੂੰ ਸੁਖਾਲਾ ਬਣਾਉਣਾ ਹੈ।