ਨਿਜੀ ਪੱਤਰ ਪ੍ਰੇਰਕ
ਸੰਗਰੂਰ, 28 ਸਤੰਬਰ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਚੁੱਕੇ ਸਮੂਹ ਆਈਈਵੀ/ ਈਜੀਐਸ/ ਏਆਈਈ/ ਐਸਟੀਆਰ ਅਤੇ ਸਿੱਖਿਆ ਪ੍ਰੋਵਾਈਡਰਾਂ ਵੱਲੋਂ ਇੱਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਬਿਨਾ ਕਿਸੇ ਸ਼ਰਤ ਸਿੱਖਿਆ ਵਿਭਾਗ ਵਿਚ ਮੁੜ ਬਹਾਲ ਕਰਨ ਦੀ ਮੰਗ ਕਰ ਰਹੇ ਸਨ।
ਸਮੂਹ ਪ੍ਰਦਰਸ਼ਨਕਾਰੀ ਅਧਿਆਪਕ ਇੱਥੇ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿੱਥੋਂ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਪੁੱਜੇ ਜਿੱਥੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਯੂਨੀਅਨ ਦੇ ਸੂਬਾਈ ਪ੍ਰਧਾਨ ਵਿਕਾਸ ਸਾਹਨੀ, ਮੀਤ ਪ੍ਰਧਾਨ ਲਖਵਿੰਦਰ ਕੌਰ, ਸਕੱਤਰ ਕਿਰਨਾ ਕੌਰ, ਗੁਰਪ੍ਰੀਤ ਸਿੰਘ ਤੇ ਵਰੁਣ ਖੇੜਾ ਨੇ ਕਿਹਾ ਕਿ ਸਮੂਹ ਆਈਈਵੀ/ ਈਜੀਐਸ/ ਏਆਈਈ/ ਐਸਟੀਆਰ ਅਤੇ ਸਿੱਖਿਆ ਪ੍ਰੋਵਾਈਡਰ ਸਿੱਖਿਆ ਵਿਭਾਗ ਵਿੱਚ ਕਈ ਸਾਲਾਂ ਦੀ ਸੇਵਾ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਹੇਠਲੇ ਪੱਧਰ ’ਤੇ ਬੈਠੇ ਕਰਮਚਾਰੀਆਂ ਵੱਲੋਂ ਆਪਣੇ ਚਹੇਤਿਆਂ ਨੂੰ ਨੌਕਰੀ ’ਤੇ ਰੱਖਣ ਲਈ ਕੁਝ ਵਾਲੰਟੀਅਰ ਅਧਿਆਪਕਾਂ ਨੂੰ ਬਿਨਾ ਕਿਸੇ ਕਾਰਨ ਕੱਢ ਦਿੱਤਾ ਗਿਆ ਅਤੇ ਆਪਣੇ ਚਹੇਤਿਆਂ ਨੂੰ ਮਤੇ ਪਾ ਕੇ ਨੌਕਰੀ ’ਤੇ ਰੱਖ ਲਿਆ। ਕਰਮਚਾਰੀਆਂ ਨੂੰ ਮਿਲਣ ਵਾਲੀਆਂ ਮੈਡੀਕਲ ਛੁੱਟੀਆਂ/ਪ੍ਰਸੂਤਾ ਛੁੱਟੀ ਵੀ ਲਾਗੂ ਨਹੀਂ ਕੀਤੀ ਜਾਂਦੀ ਸੀ ਜਿਸ ਕਾਰਨ ਮਜਬੂਰੀ ਅਧੀਨ ਛੁੱਟੀ ਲੈਣ ਤੋਂ ਬਾਅਦ ਨੌਕਰੀ ਤੋਂ ਦੁਬਾਰਾ ਜੁਆਇਨ ਨਹੀਂ ਕਰਵਾਇਆ ਜਾਂਦਾ ਸੀ। ਉਨ੍ਹਾਂ ਮੰਗ ਕੀਤੀ ਕਿ ਸਮੂਹ ਆਈ.ਈ.ਵੀ./ਈ.ਜੀ.ਐਸ/ਏ.ਆਈ.ਈ/ਐਸ.ਟੀ.ਆਰ ਅਤੇ ਸਿੱਖਿਆ ਪ੍ਰੋਵਾਈਡਰਾਂ ਨੂੰ ਬਨਿ੍ਹਾਂ ਸ਼ਰਤ ਸਿੱਖਿਆ ਵਿਭਾਗ ਵਿਚ ਬਹਾਲ ਕੀਤਾ ਜਾਵੇ। ਪ੍ਰਸ਼ਾਸ਼ਨ ਵਲੋਂ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਦੇ ਓਐਸਡੀ ਮਨਜੀਤ ਸਿੰਘ ਸਿੱਧੂ ਨਾਲ ਕਰਵਾਈ ਗਈ ਜਨਿ੍ਹਾਂ ਵਲੋਂ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਵਿਾਇਆ।