ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਕਤੂਬਰ
ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਆ ਕੇ ਕੀਤੀ ਜਾ ਰਹੀ ਸੇਵਾ ਬਾਰੇ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂ ਘਰ ਨੀਵਾਂ ਹੋ ਕੇ ਆਉਣ ਵਾਲੇ ਨੂੰ ਦੇਗ ਅਤੇ ਚੜ੍ਹ ਕੇ ਆਉਣ ਵਾਲੇ ਨੂੰ ਤੇਗ ਮਿਲਦੀ ਹੈ। ਇਹੀ ਸਿੱਖੀ ਦਾ ਫ਼ਲਸਫਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਗੁਰੂ ਘਰ ਵਿੱਚ ਨਤਮਸਤਕ ਹੋਣ ਆਏ ਹਨ ਅਤੇ ਸੇਵਾ ਕਰਨ ਆਏ ਹਨ ਤਾਂ ਉਨ੍ਹਾਂ ਨੂੰ ਗੁਰੂ ਘਰ ਵੱਲੋਂ ਦੇਗ ਮਿਲੀ ਹੈ। ਉਨ੍ਹਾਂ ਰਾਹੁਲ ਗਾਂਧੀ ਦੀ ਇਸ ਸੇਵਾ ਨੂੰ ਪਸ਼ਚਾਤਾਪ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਇਹ ਸਪੱਸ਼ਟ ਕਰ ਦੇਣਾ ਚਾਹੀਦਾ ਹੈ ਕਿ ਉਸ ਦੀ ਦਾਦੀ ਅਤੇ ਪਿਤਾ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਕਾਰਵਾਈ ਜਾਇਜ਼ ਸੀ ਜਾਂ ਗ਼ਲਤ ਸੀ। ਜੇ ਉਹ ਪਸ਼ਚਾਤਾਪ ਕਰ ਰਹੇ ਹਨ ਤਾਂ ਉਨ੍ਹਾਂ ਉਸ ਵੇਲੇ ਕੀਤੇ ਗਏ ਫ਼ੈਸਲਿਆਂ ਨੂੰ ਗਲਤ ਕਹਿਣਾ ਚਾਹੀਦਾ ਹੈ।