ਮਿਹਰ ਸਿੰਘ
ਕੁਰਾਲੀ, 3 ਅਕਤੂਬਰ
ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਸਥਾਨਕ ਨਗਰ ਕੌਂਸਲ ਵਿੱਚ ਮੀਟਿੰਗ ਕੀਤੀ। ਇਸ ਮੌਕੇ ਬੀਬਾ ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟ ਕੇ ਖਾਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਕੌਂਸਲ ਦਫ਼ਤਰ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ, ਕੌਂਸਲਰ ਬਹਾਦਰ ਸਿੰਘ ਓਕੇ, ਕੌਂਸਲਰ ਨੰਦੀਪਾਲ ਬਾਂਸਲ, ਡਾ. ਅਸ਼ਵਨੀ ਸ਼ਰਮਾ, ਕੌਂਸਲਰ ਖੁਸ਼ਬੀਰ ਸਿੰਘ ਦੀ ਹਾਜ਼ਰੀ ਵਿੱਚ ਬੀਬਾ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬੀਬਾ ਮਾਨ ਨੇ ਸ਼ਹਿਰ ਦੇ ਵਿਕਾਸ, ਸਾਫ਼-ਸਫਾਈ, ਸੀਵਰੇਜ, ਨਿਕਾਸੀ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ, ਟੈਂਡਰ ਲਗਾਉਣ ਦੀ ਪ੍ਰਕ੍ਰਿਆ, ਸ਼ਹਿਰ ਵਿੱਚ ਬਣ ਰਹੀਆਂ ਕਲੋਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬਾ ਮਾਨ ਨੇ ਕਿਹਾ ਕਿ ਉਹ ਸ਼ਹਿਰ ਵਿੱਚ ਹੋ ਰਹੇ ਕੰਮਾਂ ’ਤੇ ਨਜ਼ਰ ਰੱਖਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਮਹਿਸੂਸ ਕੀਤਾ ਹੈ ਕਿ ਆਮ ਲੋਕਾਂ ਦੇ ਭਲੇ ਲਈ ਕੰਮ ਨਹੀਂ ਹੋ ਰਹੇ। ਇਸ ਦੌਰਾਨ ਬੀਬਾ ਮਾਨ ਨੇ ਪਿਛਲੇ ਦਿਨੀਂ ਸ਼ਹਿਰ ਦੀ ਕੈਮੀਕਲ ਫੈਕਟਰੀ ਵਿੱਚ ਵਾਪਰੇ ਅਗਨੀਕਾਂਡ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ ਹੈ।
ਖਰੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਖਰੜ (ਸ਼ਸ਼ੀਪਾਲ ਜੈਨ): ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਨਗਰ ਕੌਂਸਲ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਹੁਤ ਕੰਮਾਂ ਵਿੱਚ ਦੇਰੀ ਹੋ ਰਹੀ ਹੈ ਹਾਲਾਂਕਿ ਉਨ੍ਹਾਂ ਵੱਲੋਂ ਇਹ ਕੰਮ ਜਲਦੀ ਕਰਨ ਲਈ ਹਦਾਇਤਾਂ ਦਿੱਤੀਆ ਗਈਆਂ ਸਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਲਗਪਗ 30 ਕਰੋੜ ਦੇ ਵਿਕਾਸ ਦੇ ਕੰਮਾਂ ਸਬੰਧੀ ਟੈਂਡਰ ਜਲਦੀ ਲੱਗ ਰਹੇ ਹਨ ਅਤੇ ਇਨ੍ਹਾਂ ਦੇ ਕੰਮ ਵੀ ਜਲਦੀ ਸ਼ੁਰੂ ਹੋ ਜਾਣਗੇ।