ਸਰਬਜੀਤ ਗਿੱਲ
ਫਿਲੌਰ, 5 ਅਕਤੂਬਰ
ਪੰਜਾਬ ਦੇ ਖੁਰਾਕ ਤੇ ਸਵਿਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਵਿਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਘੱਟੋ ਘੱਟ ਸਰਕਾਰੀ ਕੀਮਤ ’ਤੇ ਖਰੀਦਣਾ ਯਕੀਨੀ ਬਣਾਵੇਗੀ।
ਅੱਜ ਇੱਥੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਜਿੱਥੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਦੌਰਾਨ ਖ੍ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਉੱਥੇ ਹੀ ਦੱਸਿਆ ਕਿ ਪੰਜਾਬ ਦੀਆਂ ਖਰੀਦ ਏਜੰਸੀਆਂ ਵਲੋਂ 182 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਵੇਅਰਹਾਊਸ ਤੇ ਖੁਰਾਕ ਤੇ ਸਵਿਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲਗਾਤਾਰ ਮੰਡੀਆਂ ਦਾ ਦੌਰਾ ਕਰਨ।
ਫਗਵਾੜਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਲਈ ਪੁਖਤ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਫੜ੍ਹ ਨਾਲ ਸਬੰਧਤ ਜਾਂ ਹੋਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਚੇਅਰਮੈਨ ਨਾਲ ਸੰਪਰਕ ਕਰ ਸਕਦੇ ਹਨ।
ਪਠਾਨਕੋਟ (ਪੱਤਰ ਪ੍ਰੇਰਕ): ਮਾਰਕੀਟ ਕਮੇਟੀ ਪਠਾਨਕੋਟ ਦੇ ਚੇਅਰਮੈਨ ਵਿਕਾਸ ਸੈਣੀ ਵੱਲੋਂ ਅੱਜ ਪਿੰਡ ਘੋਹ ਸਥਿਤ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਉਥੇ ਝੋਨੇ ਦੀ ਖਰੀਦ ਕਰਨ ਅਤੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸ਼ਾਮ ਨੂੰ ਡੱਲਾ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਕਿਸਾਨਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਅਟਾਰੀ,(ਦਿਲਬਾਗ ਸਿੰਘ ਗਿੱਲ): ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਹੱਦੀ ਪਿੰਡ ਅਟਾਰੀ ਦੀ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਦਾ ਕੁਲਵੰਤ ਸਿੰਘ ਕੋਕਾਕੋਲਾ ਵਾਲੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਟਾਰੀ ਹਰਦੇਵ ਸਿੰਘ ਖਾਲਸਾ ਅਤੇ ਗੁਰਸ਼ਰਨ ਸਿੰਘ ਗੋਲਡੀ ਵੱਲੋਂ ਸਨਮਾਨ ਕੀਤਾ ਗਿਆ। ਵਿਧਾਇਕ ਨੇ ਫ਼ਸਲ ਲੈ ਕੇ ਪੁੱਜੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਖਰੀਦ ਸਬੰਧੀ ਜੇ ਕੋਈ ਏਜੰਸੀਆਂ ਦੇ ਅਧਿਕਾਰੀ ਆਨਾ-ਕਾਨੀ ਕਰਦੇ ਹਨ ਤਾਂ ਉਸ ਨੂੰ ਧਿਆਨ ਵਿੱਚ ਲਿਆਂਦਾ ਜਾਵੇ। ਉਸ ’ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰੀ ਅਟਾਰੀ ਦਾਣਾ ਮੰਡੀ ’ਚ ਵੇਅਰ ਹਾਊਸ ਅਤੇ ਪਨਸਪ ਝੋਨੇ ਦੀ ਸਰਕਾਰੀ ਖਰੀਦ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਦਾਣਾ ਮੰਡੀ ਵਿੱਚ ਜੋ ਵਿਸ਼ਰਾਮ ਘਰ ਦੀ ਮੰਗ ਹੈ ਉਸ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ।