ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਕਤੂਬਰ
ਦਿੱਲੀ ਵਿੱਚ ਅੱਜ ਹਵਾ ਦੀ ਗੁਣਵੱਤਾ ‘ਖਰਾਬ’ ਪੱਧਰ ’ਤੇ ਪਹੁੰਚਣ ਮਗਰੋਂ ਕੌਮੀ ਰਾਜਧਾਨੀ ਖੇਤਰ ਦੇ ਅਧਿਕਾਰੀਆਂ ਨੂੰ ਗਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਪਹਿਲੇ ਗੇੜ ਵਿੱਚ ਦੱਸੇ ਉਪਾਵਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਇਸ ਵਿਚ ਸੜਕ ਕਨਿਾਰੇ ਖਾਣ-ਪੀਣ ਵਾਲੀਆਂ ਦੁਕਾਨਾਂ, ਹੋਟਲਾਂ ਅਤੇ ਰੈਸਤਰਾਂ ’ਚ ਕੋਲੇ ਦੀ ਵਰਤੋਂ ’ਤੇ ਪੂਰਨ ਪਾਬੰਦੀ ਵੀ ਸ਼ਾਮਲ ਹੈ। ਜੀਆਰਏਪੀ ਨਾਲ ਸਬੰਧਤ ਕੇਂਦਰ ਸਰਕਾਰ ਦੀ ਸਬ-ਕਮੇਟੀ ਦੀ ਮੀਟਿੰਗ ਵਿੱਚ ਕਿਹਾ ਗਿਆ ਹੈ ਕਿ ਪਿਛਲੇ 24 ਘੰਟਿਆਂ ਵਿੱਚ ਖੇਤਰ ਵਿੱਚ ਹਵਾ ਦੀ ਗੁਣਵੱਤਾ ਦੇ ਮਾਪਦੰਡਾਂ ਵਿੱਚ ‘ਅਚਾਨਕ ਗਿਰਾਵਟ’ ਆਈ ਹੈ, ਜਿਸ ਨਾਲ ਦਿੱਲੀ ਦਾ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) ਨੂੰ 212 ਯਾਨੀ ਖਰਾਬ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ।ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ, ‘‘ਖੇਤਰ ਵਿੱਚ ਹਵਾ ਗੁਣਵੱਤਾ ਵਿੱਚ ਹੋਰ ਗਿਰਾਵਟ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਪੂਰੇ ਐਨਸੀਆਰ ਵਿੱਚ ਤੁਰੰਤ ਪ੍ਰਭਾਵ ਨਾਲ ਜੀਆਰਏਪੀ ਦੇ ਪਹਿਲੇ ਪੜਾਅ ਨੂੰ ਲਾਗੂ ਕਰਨ ਦੀ ਲੋੜ ਹੈ।’’ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਦੇ ਆਧਾਰ ’ਤੇ ਜੀਆਰਏਪੀ ਨੂੰ ਚਾਰ ਪੜਾਵਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ।