ਪੱਤਰ ਪ੍ਰੇਰਕ
ਮਾਨਸਾ, 14 ਨਵੰਬਰ
ਦੀਵਾਲੀ ਵਾਲੀ ਰਾਤ ਤੋਂ ਕਿਸਾਨਾਂ ਵੱਲੋਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗਾਂ ਲਾਉਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਭਾਵੇਂ ਕੁਝ ਦਿਨ ਪਹਿਲਾਂ ਮੀਂਹ ਨੇ ਪ੍ਰਦੂਸ਼ਣ ਨੂੰ ਇੱਕ ਵਾਰ ਘਟਾ ਦਿੱਤਾ ਸੀ ਪਰ ਦੀਵਾਲੀ ਤੋਂ ਬਾਅਦ ਲਗਾਤਾਰ ਹਵਾ ਪ੍ਰਦੂਸ਼ਣ ਵਧ ਰਿਹਾ ਹੈ ਜਿਸ ਨੂੰ ਲੈ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਕਿਸਾਨਾਂ ਦੇ ਵੱਡੇ ਪੱਧਰ ’ਤੇ ਚਲਾਨ ਕੱਟੇ ਜਾ ਰਹੇ ਹਨ ਅਤੇ ਪੁਲੀਸ ਵੱਲੋਂ ਕਿਸਾਨਾਂ ਉਪਰ ਲਗਾਤਾਰ ਮਾਮਲੇ ਦਰਜ ਕੀਤੇ ਜਾ ਰਹੇ ਹਨ। ਕੁਝ ਪਿੰਡਾਂ ਵਿੱਚ ਕਿਸਾਨਾਂ ਦੀ ਫੜਾ-ਫੜੀ ਵੀ ਜਾਰੀ ਹੈ।
ਇਸੇ ਦੌਰਾਨ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ ਨੇ ਪਿੰਡ ਠੂਠਿਆਂਵਾਲੀ, ਧਲੇਵਾਂ,ਬੋਹਾ ਅਤੇ ਜੱਸੜਵਾਲ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣ ’ਤੇ ਮੌਕੇ ’ਤੇ ਹੀ ਸਬੰਧਤ ਐਸਐਚਓ ਨੂੰ ਆਦੇਸ਼ ਜਾਰੀ ਕਰਦਿਆਂ ਐਫ.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਹਿਯੋਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਨਿਪਟਾਰਾ ਕਰਨ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੀ ਮਦਦ ਲੈਣ ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਨਾ ਹੋਵੇ। ਉਨ੍ਹਾਂ ਪਿੰਡ ਬੁਰਜ ਰਾਠੀ, ਬੁਰਜ ਢਿੱਲਵਾਂ ਅਤੇ ਮੂਸਾ ਵਿਖੇ ਸੁਪਰ ਸੀਡਰ, ਬੇਲਰ ਅਤੇ ਮਲਚਿੰਗ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ। ਇਸੇ ਦੌਰਾਨ ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਪਿੰਡ ਭੈਣੀਬਾਘਾ ਦੇ ਦੋ ਕਿਸਾਨ ਜਗਦੇਵ ਸਿੰਘ ਜੱਗੂ ਤੇ ਗੁਰਜੰਟ ਸਿੰਘ ਨੂੰ ਪੁਲੀਸ ਫੜ ਕੇ ਥਾਣੇ ਲੈ ਗਈ ਅਤੇ ਉਨ੍ਹਾਂ ਉਪਰ ਕਾਨੂੰਨੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਸਲੇ ਨੂੰ ਲੈਕੇ ਜਥੇਬੰਦੀ ਨੇ ਵਿਸ਼ੇਸ ਮੀਟਿੰਗ ਬੁਲਾਕੇ ਸੰਘਰਸ਼ ਕਰਨ ਦਾ ਫੈਸਲਾ ਲਿਆ ਹੈ।