ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 25 ਨਵੰਬਰ
ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾ ਕਾਲਜ ਸੰਸਥਾਵਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ 30 ਹਜ਼ਾਰ ਤੋਂ ਵਧੇਰੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਸ਼ਾਮਲ ਹੋਏ। ਇਹ ਨਗਰ ਕੀਰਤਨ ‘‘ਬੋਲੇ ਸੋ ਨਿਹਾਲ, ਪੰਥ ਕੀ ਜੀਤ’’ ਦੇ ਜੈਕਾਰਿਆਂ ’ਚ ਗੂੰਜਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚਿਆ। ਨਗਰ ਕੀਰਤਨ ਖ਼ਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਪੁਤਲੀਘਰ ਚੌਕ, ਰੇਲਵੇ ਸਟੇਸ਼ਨ, ਭੰਡਾਰੀ ਪੁਲ ਅਤੇ ਹਾਲ ਬਜ਼ਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਨਗਰ ਕੀਰਤਨ ’ਚ ਹਾਜ਼ਰੀ ਭਰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਵਹਿਮਾਂ ਭਰਮਾਂ, ਕਰਮ ਕਾਂਡਾਂ, ਜਾਤ ਪਾਤ ਅਤੇ ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਕੱਢਣ ਲਈ ਆਪਣੇ ਜੀਵਨ ’ਚ ਚਾਰ ਉਦਾਸੀਆਂ ਕਰਦਿਆਂ ਸਮੂਹ ਜਗਤ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ।
ਤਰਨ ਤਾਰਨ (ਪੱਤਰ ਪ੍ਰੇਰਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਇਥੇ ਇਕ ਮਨੋਹਰ ਨਗਰ ਕੀਰਤਨ ਸਜਾਇਆ ਗਿਆ|
ਫਗਵਾੜਾ (ਪੱਤਰ ਪ੍ਰੇਰਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਗੁਰਦੁਆਰਾ ਨਿੰਮਾ ਵਾਲਾ ਚੌਕ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ।
ਸ਼ਾਹਕੋਟ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵੱਲੋਂ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਕਸਬੇ ਦੇ ਬਾਜ਼ਾਰਾਂ ’ਚੋਂ ਦੀ ਪਰਿਕਰਮਾ ਕਰਦਾ ਹੋਇਆ ਮੁੜ ਇੱਥੇ ਆ ਕੇ ਸਮਾਪਤ ਹੋਇਆ।
ਸੁਲਤਾਨਪੁਰ ਲੋਧੀ ’ਚ ਤਿੰਨ ਰੋਜ਼ਾ ਸਮਾਗਮ ਆਰੰਭ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਨਾਲ ਸਜ਼ ਕੇ ਤਿਆਰ ਹੋ ਗਿਆ ਹੈ। ਇਲਾਕੇ ਭਰ ਦੀਆਂ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਣ ਵਾਲਾ ਨਗਰ ਕੀਰਤਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸੰਤਘਾਟ ਤੱਕ ਜਾਵੇਗਾ। ਉਧਰ ਜ਼ਿਲ੍ਹਾ ਕਪੂਰਥਲਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੇ ਦੂਜਿਆਂ ਜ਼ਿਲ੍ਹਿਆਂ ’ਚੋਂ ਵੀ ਪੁਲੀਸ ਮੰਗਵਾਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਸੂਹੀਆਂ ਤੰਤਰ ਦੇ ਜਵਾਨ ਵੀ ਸਾਦੇ ਕੱਪੜਿਆਂ ਵਿੱਚ ਵੱਡੀ ਗਿਣਤੀ ਵਿੱਚ ਤਾਇਨਾਤ ਰਹਿਣਗੇ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਹਰ ਪਾਸਿਓਂ ਤੋਂ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿੱਚ ਵੱਖ-ਵੱਖ ਕਿਸਮ ਦੇ ਸੁੰਦਰ ਫੁੱਲ ਲਾਏ ਗਏ ਹਨ, ਜੋ ਖੂਬਸੂਰਤ ਤੇ ਆਲੌਕਿਕ ਨਜ਼ਾਰਾ ਪੇਸ਼ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਲਾਏ ਗਏ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 25 ਅਤੇ 26 ਨਵੰਬਰ ਦੀ ਦਰਮਿਆਨੀ ਰਾਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਣਗੇ, ਜਿਨ੍ਹਾਂ ਦੇ ਭੋਗ 27 ਅਤੇ 28 ਨਵੰਬਰ ਦੀ ਵਿਚਕਾਰਲੀ ਰਾਤ ਨੂੰ ਪੈਣਗੇ।