ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ
ਇਸ ਹਲਕੇ ਵਿੱਚ ਅਣਅਧਿਕਾਰਤ ਕਲੋਨੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਤੇਜ਼ੀ ਨਾਲ ਵਧ ਰਹੇ ਸ਼ਹਿਰੀਕਰਨ ਅਤੇ ਆਬਾਦੀ ਦੇ ਵਾਧੇ ਨਾਲ ਅਣਅਧਿਕਾਰਤ ਕਲੋਨੀਆਂ ਅਤੇ ਗੈਰਕਾਨੂੰਨੀ ਉਸਾਰੀਆਂ ਦਾ ਖਤਰਾ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਮੁੱਦੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨਾਜਾਇਜ਼ ਕਲੋਨੀਆਂ ਕੱਟੇ ਜਾਣ ਦੇ ਮਾਮਲੇ ’ਚ ਸ਼ਾਮਲ ਹੋਣ ’ਤੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਤੁਰੰਤ ਬਣਦੀ ਕਾਰਵਾਈ ਕਰਵਾਉਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਹਦੂਦ ਅੰਦਰ ਗ਼ੈਰਕਾਨੂੰਨੀ ਕਲੋਨੀਆਂ ਕੱਟੇ ਜਾਣ ਤੋਂ ਪਹਿਲਾਂ ਹੀ ਸਬੰਧਤ ਅਧਿਕਾਰੀ ਜ਼ਿੰਮੇਵਾਰ ਢੰਗ ਨਾਲ ਕੰਮ ਕਰ ਕੇ ਇਨ੍ਹਾਂ ਨੂੰ ਨਾਜਾਇਜ਼ ਉਸਾਰੀਆਂ ਕਰਨ ਤੋਂ ਰੋਕਣਾ ਯਕੀਨੀ ਬਣਾਉਣਗੇ।