ਨਵੀਂ ਦਿੱਲੀ, 6 ਦਸੰਬਰ
ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਮਹਾ ਪ੍ਰੀ-ਨਿਰਵਾਣ ਦਿਵਸ ਦੇ ਮੌਕੇ ’ਤੇ ਸੰਸਦੀ ਕੰਪਲੈਕਸ ’ਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਹ ਜਾਣਕਾਰੀ ਲੋਕ ਸਭਾ ਸਕੱਤਰੇਤ ਵੱਲੋਂ ਇਕ ਬਿਆਨ ’ਚ ਦਿੱਤੀ ਗਈ। ਇਸੇ ਦੌਰਾਨ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵੀ ਡਾ. ਅੰਬੇਡਕਰ ਦੇ ਬੁੱਤ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ।
ਸ਼ਰਧਾਂਜਲੀ ਦੇਣ ਵਾਲਿਆਂ ਹੋਰਨਾਂ ਆਗੂਆਂ ’ਚ ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਸਾਬਕਾ ਸੰਸਦ ਮੈਂਬਰ, ਲੋਕ ਸਭਾ ਅਤੇ ਰਾਜ ਸਭਾ ਦੇ ਸਕੱਤਰ-ਜਨਰਲ ਸਮੇਤ ਹੋਰ ਸ਼ਾਮਲ ਸਨ। ਲੋਕ ਸਭਾ ਸਪੀਕਰ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਆਪਣਾ ਪੂਰਾ ਜੀਵਨ ਇੱਕ ਸਮਾਨਤਾਵਾਦੀ ਸਮਾਜ ਦੀ ਸਥਾਪਨਾ, ਰਾਸ਼ਟਰੀ ਤਰੱਕੀ, ਮਨੁੱਖੀ ਅਧਿਕਾਰਾਂ ਅਤੇ ਸਾਰਿਆਂ ਦੀ ਭਲਾਈ ਲਈ ਸਮਰਪਿਤ ਕੀਤਾ। ਮੈਂ ਅੱਜ ਉਨ੍ਹਾਂ ਦੇ ਮਹਾ ਪ੍ਰੀ-ਨਿਰਵਾਣ ਦਿਵਸ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ।’’ ਇਸੇ ਦੌਰਾਨ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਹੋਰ ਜੱਜਾਂ ਨੇ ਸੁਪਰੀਮ ਕੋਰਟ ’ਚ ਬੁੱਧਵਾਰ ਨੂੰ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੇ ਅਹਾਤੇ ਵਿੱਚ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਕਿਹਾ, ‘‘ਸਾਨੂੰ ਡਾ. ਅੰਬੇਡਕਰ ਦੀਆਂ ਕਦਰਾਂ-ਕੀਮਤਾਂ ‘ਤੇ ਪਹਿਰਾ ਦੇਣਾ ਚਾਹੀਦਾ ਹੈ।’’ -ਪੀਟੀਆਈ