ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਦਸੰਬਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਅੱਜ ਇੱਥੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਕੀਤੀ। ਸ੍ਰੀ ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਹੋਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਤਿਆਰ ਹੈ, ਜਿਸ ਤਹਿਤ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਦਾ 48 ਘੰਟਿਆਂ ’ਚ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ 2 ਹਜ਼ਾਰ ਰੁਪਏ ਨਾਲ ਸਨਮਾਨਿਆ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਵੀ ਕੀਤੀ, ਜਿਸ ਵਿੱਚ ਧੂਰੀ ਹਸਪਤਾਲ, ਸੀਐੱਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ‘ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਅਜਿਹਾ ਇੱਕ ਕੇਂਦਰ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਸਥਾਪਤ ਕੀਤਾ ਜਾ ਰਿਹਾ ਹੈ।