ਜਗਮੋਹਨ ਸਿੰਘ
ਰੂਪਨਗਰ, 14 ਦਸੰਬਰ
ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਵੱਲੋਂ ਸਿੱਖ ਕੌਮ ਲਈ ਦਿੱਤੀਆਂ ਸ਼ਹਾਦਤਾਂ ਨੂੰ ਸਿਜਦਾ ਕਰਨ ਲਈ ਹਰ ਸਾਲ ਮਨਾਏ ਜਾਂਦੇ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਅੱਜ ਸਰਸਾ ਨੰਗਲ ਸਥਿਤ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਪਰਿਵਾਰ ਨਾਲ ਵਿੱਛੜਨ ਦੀ ਯਾਦ ਵਿੱਚ ਬਣੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਹੋ ਗਈ ਹੈ। ਇਸ ਸਬੰਧੀ ਅੱਜ ਸਵੇਰੇ 10 ਵਜੇ ਪੰਜ ਅਖੰਡ ਪਾਠ ਸਾਹਿਬ ਰਖਵਾਏ ਗਏ। ਇਸ ਮੌਕੇ ਉਦੈ ਸਿੰਘ ਦੀਵਾਨ ਹਾਲ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਰਖਵਾਏ ਗਏ ਅਖੰਡ ਪਾਠ ਸਾਹਿਬ ਦੀ ਸ਼ੁਰੂਆਤ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅਰਦਾਸ ਕਰਕੇ ਕੀਤੀ। ਉਨ੍ਹਾਂ ਸੰਗਤ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਨ ਦੀ ਅਪੀਲ ਕੀਤੀ। ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨਜਰ ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ 15 ਦਸੰਬਰ ਨੂੰ ਭਾਈ ਉਦੈ ਸਿੰਘ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਰਾਗੀ, ਢਾਡੀ ਤੇ ਕੀਰਤਨੀ ਜਥੇ ਗੁਰਬਾਣੀ ਰਾਹੀਂ ਸਿੱਖ ਇਤਿਹਾਸ ਸੁਣਾਉਣਗੇ। ਅੱਜ ਪਿੰਡ ਸਰਸਾ ਨੰਗਲ ਦੀ ਸੰਗਤ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ। ਸਮਾਗਮ ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ ਮੀਤ ਮੈਨੇਜਰ ਗੁਰੂਦੁਆਰਾ ਪਤਾਲਪੁਰੀ ਸਾਹਿਬ, ਦਵਿੰਦਰ ਸਿੰਘ ਇੰਚਾਰਜ ਪਰਿਵਾਰ ਵਿਛੋੜਾ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ ਤੇ ਗੁਰਮੇਲ ਸਿੰਘ ਸਟੋਰਕੀਪਰ ਸਣੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।