ਸੰਤੋਖ ਗਿੱਲ
ਰਾਏਕੋਟ, 15 ਦਸੰਬਰ
ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿੱਚ ਅੱਜ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਪੁੱਤਰ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਤਲਵੰਡੀ ਪਰਿਵਾਰ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆਂ ਰਣਜੀਤ ਸਿੰਘ ਤਲਵੰਡੀ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਸਦਾ ਅੱਗੇ ਹੋ ਕੇ ਪੰਥ ਅਤੇ ਪੰਜਾਬ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੇ ਪਰਿਵਾਰ ਅਤੇ ਇਲਾਕਾ ਵਾਸੀਆਂ ਵੱਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਯਾਦ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਉਸਾਰੀ ਗਈ ਕਿੱਤਾ ਮੁਖੀ ਸਿੱਖਿਆ ਸੰਸਥਾ ਨੂੰ ਮੁੜ ਚਾਲੂ ਕਰਨ ਦੀ ਮੰਗ ਬਾਰੇ ਖੇਤੀਬਾੜੀ ਮੰਤਰੀ ਨੇ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੇਂਦਰੀ ਵਜ਼ੀਰ ਬਲਵੰਤ ਸਿੰਘ ਰਾਮੂਵਾਲੀਆ ਤੇ ਜਗਮੀਤ ਸਿੰਘ ਬਰਾੜ ਨੇ ਪੰਥ ਪ੍ਰਤੀ ਤਲਵੰਡੀ ਪਰਿਵਾਰ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਇਸ ਸੰਕਟ ਭਰੇ ਦੌਰ ਵਿੱਚ ਪੰਥਕ ਏਕਤਾ ਨੂੰ ਕੇਂਦਰ ਬਿੰਦੂ ਵਜੋਂ ਉਭਾਰ ਕੇ ਪੇਸ਼ ਕੀਤਾ। ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਮੌਕੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਧੀ ਅੰਜੁਮਨ ਕੌਰ ਨੇ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਪੁਰਖਿਆਂ ਨੂੰ ਯਾਦ ਕੀਤਾ। ਉਨ੍ਹਾਂ ਆਪਣੇ ਪਰਿਵਾਰ ਦੀਆਂ ਪੰਥ ਤੇ ਪੰਜਾਬ ਪ੍ਰਤੀ ਸੇਵਾਵਾਂ ਦੀ ਪਰੰਪਰਾ ਨੂੰ ਅੱਗੇ ਤੋਰਨ ਲਈ ਸਭਨਾਂ ਦਾ ਸਹਿਯੋਗ ਮੰਗਿਆ। ਇਸ ਮੌਕੇ ਜਥੇਦਾਰ ਤਲਵੰਡੀ ਦੀ ਪਤਨੀ ਸਰਤਾਜ ਕੌਰ, ਛੋਟਾ ਭਰਾ ਜਗਜੀਤ ਸਿੰਘ ਤਲਵੰਡੀ ਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਢੀਂਡਸਾ, ਧਾਮੀ, ਚੰਦੂਮਾਜਰਾ ਤੇ ਹੋਰ ਆਗੂਆਂ ਵੱਲੋਂ ਬੰਦ ਕਮਰਾ ਮੀਟਿੰਗ
ਸ਼ਰਧਾਂਜਲੀ ਸਮਾਗਮ ਮੌਕੇ ਅੱਜ ਜਦੋਂ ਸ੍ਰੀ ਢੀਂਡਸਾ ਲੰਗਰ ਛਕਣ ਲਈ ਭਾਈ ਨੂਰਾਮਾਹੀ ਸਰਾਂ ਦੇ ਕਮਰੇ ਵਿੱਚ ਪਹੁੰਚੇ ਤਾਂ ਉਨ੍ਹਾਂ ਦੇ ਪਿੱਛੇ ਹੀ ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਕਰਨੈਲ ਸਿੰਘ ਪੀਰ ਮੁਹੰਮਦ, ਮੁਸਲਿਮ ਆਗੂ ਮੁਹੰਮਦ ਤੁਫੈਲ ਤੇ ਕੁਝ ਹੋਰ ਆਗੂ ਪਹੁੰਚ ਗਏ। ਇਸ ਮਗਰੋਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੇਅਦਬੀਆਂ ਦੇ ਮਾਮਲੇ ’ਤੇ ਪੰਥ ਤੋਂ ਮੁਆਫ਼ੀ ਮੰਗਣ ਅਤੇ ਇਸ ਮਗਰੋਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਕੀਤੀ ਗਈ ਟਿੱਪਣੀ ਸਬੰਧੀ ਬੰਦ ਕਮਰਾ ਮੀਟਿੰਗ ਕੀਤੀ ਗਈ।