ਨਵੀਂ ਦਿੱਲੀ, 20 ਦਸੰਬਰ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸੰਸਦ ’ਚੋਂ ਵਿਰੋਧੀ ਧਿਰ ਦੇ 141 ਮੈਂਬਰਾਂ ਨੂੰ ਮੁਅੱਤਲ ਕਰਨ ’ਤੇ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਾਇਆ ਕਿ ਇਹ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਦੀ ‘ਨਾ ਮੁਆਫ਼ੀਯੋਗ ਘਟਨਾ’ ’ਤੇ ਸੰਸਦ ਦੇ ਬਾਹਰ ਆਪਣੇ ਵਿਚਾਰ ਪ੍ਰਗਟ ਕੀਤੇ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਨੂੰ ਸਦਨ ਦੀ ਮਰਿਆਦਾ ਦੀ ਕੋਈ ਪ੍ਰਵਾਹ ਨਹੀਂ ਹੈ। ਸ੍ਰੀਮਤੀ ਸੋਨੀਆ ਗਾਂਧੀ ਨੇ ਕਾਂਗਰਸ ਸੰਸਦੀ ਦਲ ਦੀ ਬੈਠਕ ‘ਚ ਕਿਹਾ, ‘ਇਸ ਸਰਕਾਰ ਵੱਲੋਂ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਦੇ ਵੀ ਵਿਰੋਧੀ ਧਿਰ ਦੇ ਇੰਨੇ ਸੰਸਦ ਮੈਂਬਰਾਂ ਨੂੰ ਸਦਨ ਤੋਂ ਮੁਅੱਤਲ ਨਹੀਂ ਕੀਤਾ ਗਿਆ ਸੀ ਅਤੇ ਉਹ ਵੀ ਸਿਰਫ਼ ਇੱਕ ਬਿਲਕੁਲ ਨਿਰਪੱਖ ਅਤੇ ਜਾਇਜ਼ ਮੰਗ ਉਠਾਉਣ ਲਈ।’