ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 21 ਦਸੰਬਰ
ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਜ਼ਿਲ੍ਹਾ ਮੈਜਿਸਟਰੇਟ ਪਰਨੀਤ ਕੌਰ ਸ਼ੇਰਗਿੱਲ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਸ਼ਹੀਦੀ ਸਭਾ ਦੌਰਾਨ ਸਰਕਸਾਂ, ਝੂਲੇ, ਡਾਂਸ ਤੇ ਮਨੋਰੰਜਨ ਦੀਆਂ ਖੇਡਾਂ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਸ਼ਹੀਦੀ ਸਭਾ ਦੇ ਖੇਤਰ ਵਿੱਚ ਅੰਡੇ, ਮਾਸ-ਮੱਛੀ, ਬੀੜੀ-ਸਿਗਰਟ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ ਤੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ 26 ਦਸੰਬਰ ਤੋਂ 28 ਦਸੰਬਰ ਰਾਤ 12 ਵਜੇ ਤੱਕ ਸ਼ਰਾਬ ਦੇ ਠੇਕੇ ਖੋਲ੍ਹਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਖੇਤਰ ਵਿੱਚ 26 ਦਸੰਬਰ ਤੋਂ 29 ਦਸੰਬਰ ਤੱਕ ਆਮ ਲੋਕਾਂ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨ ਕੈਮਰੇ ਉਡਾਏ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।