ਜੋਗਿੰਦਰ ਸਿੰਘ ਮਾਨ
ਮਾਨਸਾ, 25 ਦਸੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ 22 ਜਨਵਰੀ ਤੋਂ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ 5 ਰੋਜ਼ਾ ਮੋਰਚੇ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਮੋਰਚੇ ਦੀਆਂ ਤਿਆਰੀਆਂ ਵਜੋਂ ਲਾਮਬੰਦੀ ਕਰਦਿਆਂ ਅੱਜ ਕਿਸਾਨ ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਜ਼ਿਲ੍ਹੇ ਦੇ ਪਿੰਡ ਕੋਟਲੱਲੂ ’ਚ ਸਰਗਰਮ ਆਗੂਆਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾਂ ਕਰਕੇ ਨੌਜਵਾਨਾਂ ਨੂੰ ਬਚਾਵੇ ਅਤੇ ਹਰ ਖੇਤ ਲਈ ਨਹਿਰੀ ਪਾਣੀ ਦਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਉੱਚਾ ਚੁੱਕਣ ਲਈ ਵਿਗਿਆਨਕ ਢੰਗ ਤਰੀਕੇ ਵਰਤੇ ਜਾਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਮੰਗਾਂ ਵੀ ਮੋਰਚੇ ਦੀਆਂ ਅਹਿਮ ਮੰਗਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਨੂੰ ਅਣਗੌਲਿਆਂ ਕੀਤਾ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਘਰਸ਼ ਦੇ ਦੂਜੇ ਪੜਾਅ ’ਚ ਫਰਵਰੀ ਦੇ ਪਹਿਲੇ ਹਫਤੇ ਪੰਜਾਬ ਪੱਧਰੀ ਮੋਰਚੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਜਾਵੇ। ਜਥੇਬੰਦੀ ਦੀ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ 22 ਜਨਵਰੀ ਤੋਂ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਸ਼ੁਰੂ ਕੀਤੇ ਜਾ ਰਹੇ ਮੋਰਚੇ ਤਿਆਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਇੰਦਰਜੀਤ ਸਿੰਘ ਝੱਬਰ ਤੇ ਜੋਗਿੰਦਰ ਸਿੰਘ ਦਿਆਲਪੁਰਾ ਨੇ ਵੀ ਸੰਬੋਧਨ ਕੀਤਾ।