ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਦਸੰਬਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਨਅਤੀ ਸ਼ਹਿਰ ਦੇ ਸਰਕਟ ਹਾਊਸ ਵਿੱਚ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਸਹੂਲਤਾਂ ਦਾ ਪੱਧਰ ਹੋਰ ਉੱਚਾ ਚੁੱਕਣ ਸਬੰਧੀ ਵਿਚਾਰ-ਵਟਾਂਦਰੇ ਕੀਤੇ ਗਏ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਜ਼ਿਲ੍ਹਾ ਅਤੇ ਸਬ-ਡਿਵੀਜ਼ਨਲ ਪੱਧਰ ’ਤੇ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਜਿੱਥੇ ਜਲਦ 1300 ਹੋਰ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਉੱਥੇ ਨਰਸਿੰਗ ਸਟਾਫ ਦੇ ਨਾਲ-ਨਾਲ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਵਿਸਤਾਰ ਕਰਦਿਆਂ ਐਕਸ-ਰੇਅ ਅਤੇ ਅਲਟਰਾਸਾਊਂਡ ਵਰਗੀਆਂ ਸਹੂਲਤਾਂ ਵੀ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਸਪੱਸ਼ਟ ਕੀਤਾ ਕਿ 15 ਫਰਵਰੀ ਤੱਕ 280 ਪ੍ਰਕਾਰ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ। ਇਸ ਵਿੱਚੋਂ ਕਰੀਬ 190 ਤਰ੍ਹਾਂ ਦੀਆਂ ਦਵਾਈਆਂ ਜਨਵਰੀ ਮਹੀਨੇ ਦੇ ਅੰਦਰ ਹੀ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਾਰੀਆਂ ਹੀ ਦਵਾਈਆਂ ਹਸਪਤਾਲ ਦੇ ਅੰਦਰੋਂ ਮਿਲਣਗੀਆਂ ਅਤੇ ਕੋਈ ਵੀ ਦਵਾਈ ਬਾਹਰੋਂ ਨਹੀਂ ਲੈਣੀ ਪਵੇਗੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲਾਂ ਦੀ ਸੁਚਾਰੂ ਕਾਰਜਸ਼ੀਲਤਾ ਅਤੇ ਮਰੀਜ਼ਾਂ ਨੂੰ ਚੰਗਾ ਇਲਾਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਹਸਪਤਾਲ ਪੱਧਰ ’ਤੇ ਮੁੱਖ ਮੰਤਰੀ ਰੋਗੀ ਵੈੱਲਫੇਅਰ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਵਿੱਚ ਹਲਕਾ ਵਿਧਾਇਕ, ਸਿਵਲ ਸਰਜਨ, ਐੱਸਐੱਮਓ, ਪ੍ਰੋਗਰਾਮ ਅਫ਼ਸਰ, ਐੱਨਜੀਓਜ਼ ਦੇ ਨੁਮਾਇੰਦੇ ਮੈਂਬਰ ਵਜੋਂ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ 75 ਦੇ ਕਰੀਬ ਆਮ ਆਦਮੀ ਕਲੀਨਿਕਾਂ ਰਾਹੀਂ ਸੁਚਾਰੂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ 20 ਦੇ ਕਰੀਬ ਹੋਰ ਕਲੀਨਿਕ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੇ ਜਾਣਗੇ।
ਮੀਡੀਆ ਵੱਲੋਂ ਪੁੱਛੇ ਸਵਾਲ ਦਾ ਜੁਆਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਕਰੋਨਾ ਦੀ ਨਵੀਂ ਕਿਸਮ ਲਈ ਸਿਹਤ ਵਿਭਾਗ ਸੁਹਿਰਦ ਹੈ ਅਤੇ ਕਿਸੇ ਨੂੰ ਵੀ ਇਸ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ।