ਰਾਮ ਸਰਨ ਸੂਦ
ਅਮਲੋਹ, 15 ਜਨਵਰੀ
ਫਰਟੀਲਾਈਜ਼ਰ ਐਡ ਪੈਸਟੀਸਾਈਡ ਯੂਨੀਅਨ ਅਮਲੋਹ ਦੇ ਪ੍ਰਧਾਨ ਹਰਦੀਪ ਸਿੰਘ ਧਾਰਨੀ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਅੱਜ ਉਸ ਦੇ ਜੱਦੀ ਪਿੰਡ ਨਰਾਇਣਗੜ੍ਹ ਦੇ ਵਾਸੀਆਂ ਨੇ ਥਾਣਾ ਅਮਲੋਹ ਅੱਗੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਪੀੜਤ ਪਰਿਵਾਰ ਦੇ ਬਿਆਨ ਕਲਮਬੰਦ ਕਰਨ ਲਈ ਕਥਿਤ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਾਅਦ ਵਿਚ ਪੁਲੀਸ ਨੇ ਉਨ੍ਹਾਂ ਨੂੰ ਬਿਆਨ ਕਲਮਬੰਦ ਕਰਨ ਲਈ ਬੁਲਾਇਆ ਪਰ ਉਨ੍ਹਾਂ ਦੀ ਮਰਜ਼ੀ ਮੁਤਾਬਕ ਬਿਆਨ ਨਹੀਂ ਲਿਖੇ। ਉਨ੍ਹਾਂ ਕਿਹਾ ਕਿ ਉਹ ਇਨਸਾਫ਼ ਲਈ ਉੱਚਅਧਿਕਾਰੀਆਂ ਤੱਕ ਪਹੁੰਚ ਕਰਨਗੇ। ਧਰਨੇ ਨੂੰ ਬਸਪਾ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਸਰਪੰਚ ਗੁਰਮੁੱਖ ਸਿੰਘ ਨਰਾਇਣਗੜ੍ਹ ਅਤੇ ਮ੍ਰਿਤਕ ਦੇ ਭਰਾ ਬਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਪੁਲੀਸ ਕਾਰਵਾਈ ਦੀ ਨਿਖੇਧੀ ਕੀਤੀ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਕਿ ਇਨੋਵਾ ਵਾਹਨ ਵਿਚ ਆਏ ਵਿਅਕਤੀਆਂ ਨੇ ਹਰਦੀਪ ਸਿੰਘ ਦੇ ਪਲਾਟ ਦੀ ਕੰਧ ਢਾਹ ਦਿੱਤੀ। ਇਸ ਸਬੰਧੀ 100 ਨੰਬਰ ’ਤੇ ਸ਼ਿਕਾਇਤ ਵੀ ਦਰਜ ਕਰਵਾਈ ਗਈ ਅਤੇ ਅਮਲੋਹ ਪੁਲੀਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ, ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਮਗਰੋਂ ਬਲੈਰੋ ਅਤੇ ਸਵਿਫ਼ਟ ਕਾਰ ਵਿੱਚ ਆਏ ਕੁੱਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਧਾਰਨੀ ਨੂੰ ਧਮਕੀਆਂ ਦਿੱਤੀਆਂ ਅਤੇ ਗਾਲੀ-ਗਲੋਚ ਕੀਤਾ ਜਿਸ ਕਾਰਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਮਾਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਭਰਾ ਬਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ।