ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 15 ਜਨਵਰੀ
ਆਦਰਸ਼ ਸਕੂਲ ਹਰਦਾਸਾ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਆਪਣੀਆਂ ਤਨਖਾਹਾਂ ਵਧਾਉਣ ਦੀ ਮੰਗ ਨੂੰ ਲੈ ਕੇ ਪਿਛਲੇ 57 ਦਿਨਾਂ ਤੋਂ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਦਫਤਰ ਮੂਹਰੇ ਦਿਨ-ਰਾਤ ਦਾ ਪੱਕਾ ਧਰਨਾ ਲਗਾਇਆ ਗਿਆ ਹੈ। ਧਰਨਾਕਾਰੀ ਅਧਿਆਪਕਾਂ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਹਮਾਇਤ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਧਰਨਾਕਾਰੀਆਂ ਨੇ ਵਿਧਾਇਕ ਕਟਾਰੀਆ ਨਾਲ ਮੀਟਿੰਗਾਂ ਵੀ ਕੀਤੀਆਂ, ਪਰ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਅੱਜ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਸਯੁੰਕਤ ਕਿਸਾਨ ਮੋਰਚੇ ਦੀ ਹਮਾਇਤ ਨਾਲ ਜ਼ੀਰਾ-ਫਿਰੋਜ਼ਪੁਰ ਸੜਕ ’ਤੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਭਰ ਤੋਂ ਵੱਖ- ਵੱਖ ਜਥੇਬੰਦੀਆਂ ਦੇ ਆਗੂ, ਮੈਂਬਰ ਤੇ ਆਮ ਲੋਕ ਵੀ ਪਹੁੰਚੇ , ਜਿਸ ਕਰਕੇ ਸੜਕ ਦੇ ਦੋਨਾਂ ਸਾਈਡਾਂ ’ਤੇ ਵੱਡਾ ਜਾਮ ਲੱਗ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਵੱਡੇ -ਵੱਡੇ ਦਾਅਵੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਾਸਿਓਂ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ‘ਆਪ’ ਸਰਕਾਰ ਦੇ ਰਾਜ ਵਿੱਚ ਆਪਣੀਆਂ ਹੱਕੀ ਮੰਗਾਂ ਮਨਵਾਉਣ ਖਾਤਰ ਅਧਿਆਪਕ ਕੜਾਕੇ ਦੀ ਠੰਢ ਵਿੱਚ ਆਪਣੇ ਘਰ ਬਾਰ ਛੱਡ ਕੇ ਸੜਕਾਂ ਤੇ ਰੁਲਣ ਲਈ ਮਜਬੂਰ ਹਨ, ਪਰ ਸਰਕਾਰ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹ ਵਧਾਉਣ ਤੋਂ ਟਾਲ- ਮਟੋਲ ਕਰ ਰਹੀ ਹੈ। ਆਗੂਆਂ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਅਧਿਆਪਕਾਂ ਦਾ ਮਸਲਾ ਸਰਕਾਰ ਵੱਲੋਂ ਜਲਦ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੌਰਾਨ ਵਿਧਾਇਕ ਜ਼ੀਰਾ ਜਾਂ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਦੇ ਨਾ ਪਹੁੰਚਣ ਤੇ ਧਰਨਾ ਕਮੇਟੀ ਵੱਲੋਂ ਇਹ ਰੋਸ ਧਰਨਾ ਅਣਮਿੱਥੇ ਸਮੇਂ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ, ਫੁਰਮਾਨ ਸਿੰਘ ਸੰਧੂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਆਗੂ ਸੁੱਖ ਗਿੱਲ ਮੋਗਾ, ਬਲਰਾਜ ਸਿੰਘ ਫੇਰੋਕੇ, ਜਥੇਦਾਰ ਜੁਗਰਾਜ ਸਿੰਘ ਬਰਾੜ, ਗੁਰਚਰਨ ਸਿੰਘ , ਕ੍ਰਾਂਤੀਕਾਰੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮਖੂ, ਪਰਮਜੀਤ ਕੌਰ ਮੁਦਕੀ,ਸਮਾਜ ਸੇਵਿਕਾ ਰਮਨਦੀਪ ਕੌਰ ਮਰਖਾਈ, ਅਧਿਆਪਕ ਆਗੂ ਮੱਖਣਵੀਰ ਸਿੰਘ ਮਾਨਸਾ, ਜਸਵੀਰ ਸਿੰਘ ਗਲੋਟੀ, ਸੁਖਦੀਪ ਕੌਰ ਸਰਾਂ, ਗੁਰਿੰਦਰ ਸਿੰਘ ਗਿੱਲ ਤੋਂ ਇਲਾਵਾ 20 ਤੋਂ ਵੱਧ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ।