ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਜਨਵਰੀ
ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਐੱਨਸੀਆਰ ਦੇ ਵੱਖ-ਵੱਖ ਇਲਾਕਿਆਂ ਵਿੱਚ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਵੱਖ-ਵੱਖ ਗੁਰਦੁਆਰਿਆਂ ਵਿੱਚ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਧਾਰਮਿਕ ਸਮਾਗਮ ਕਰਵਾਏ ਗਏ। ਕਈ ਥਾਵਾਂ ਉਪਰ ਨਗਰ ਕੀਰਤਨ ਸਜਾਏ ਗਏ, ਜਿਨ੍ਹਾਂ ਵਿੱਚ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਵਿਸ਼ੇਸ਼ ਦੀਵਾਨ ਸਜਾਏ ਗਏ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਦਿੱਲੀ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਗੁਰਪੁਰਬ ਦੀ ਵਧਾਈ ਦਿੱਤੀ ਤੇ ਕਮੇਟੀ ਵੱਲੋਂ ਲੋਕ ਭਲਾਈ ਲਈ ਸਮਰਪਿਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੈ ਪ੍ਰਕਾਸ਼ ਨੱਢਾ, ਸੂਬਾ ਪ੍ਰਧਾਨ ਵਰਿੰਦਰ ਸਚਦੇਵਾ, ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਕਈ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਦਿੱਲੀ ਭਾਜਪਾ ਵੱਲੋਂ 87 ਗੁਰਦੁਆਰਿਆਂ ਵਿੱਚ ਲੰਗਰ ਦੀ ਸੇਵਾ ਕੀਤੀ ਗਈ। ਬਾਲਾ ਸਾਹਿਬ ਗੁਰਦੁਆਰੇ ਵਿੱਚ ਵੀ ਸਥਾਨਕ ਧਾਰਮਿਕ ਸਮਾਗਮ ਕਰਵਾਇਆ ਗਿਆ। ਰਾਜੌਰੀ ਗਾਰਡਨ, ਪ੍ਰੀਤ ਵਿਹਾਰ, ਕਰੋਲ ਬਾਗ ਤੇ ਪੱਛਮੀ ਦਿੱਲੀ ਦੇ ਗੁਰਦੁਆਰਿਆਂ ਵਿੱਚ ਵੀ ਧਾਰਮਿਕ ਸਮਾਗਮ ਹੋਏ। ਐੱਨਆਈਟੀ ਫਰੀਦਾਬਾਦ ਵਿੱਚ ਸਿੰਘ ਸਭਾ ਨੰਬਰ ਪੰਜ ਤੋਂ ਨਗਰ ਕੀਰਤਨ ਸਜਾਇਆ ਗਿਆ। ਰਾਹ ਵਿੱਚ ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਨੀਲਮ ਚੌਕ, ਐੱਨਆਈਟੀ, ਮੁੱਖ ਬਾਜ਼ਾਰਾਂ ’ਚੋਂ ਲੰਘਦਾ ਹੋਇਆ ਨਗਰ ਕੀਰਤਨ ਸਿੰਘ ਸਭਾ ਨੰਬਰ ਇੱਕ ਵਿੱਚ ਸਮਾਪਤ ਹੋਇਆ।
ਜੀਂਦ ਵਿੱਚ ਨਗਰ ਕੀਰਤਨ ਸਜਾਇਆ
ਜੀਂਦ (ਮਹਾਂਵੀਰ ਮਿੱਤਲ): ਇੱਥੇ ਸ਼ਹਿਰ ਵਿੱਚ ਸਰਬੰਸਦਾਨੀ ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਫੁੱਲਾਂ ਨਾਲ ਸਜੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਦੀ ਅਗਵਾਈ ਪੰਜਾਬ ਤੋਂ ਮੰਗਵਾਏ ਮਿਲਟਰੀ ਬੈਂਡ ਦੇ ਨਾਲ-ਨਾਲ ਗੁਰੂ ਦੇ ਪੰਜ ਪਿਆਰਿਆਂ ਨੇ ਕੀਤੀ। ਇਸ ਦੇ ਪਿੱਛੇ-ਪਿੱਛੇ ਸਮੂਹ ਸੰਗਤ ਸਤਿਨਾਮ ਵਾਹਿਗੁਰੂ ਅਤੇ ਗੁਰਬਾਣੀ ਦਾ ਜਾਪ ਕਰਦੀ ਹੋਈ ਚੱਲ ਰਹੀ ਸੀ। ਇਸ ਦੇ ਨਾਲ ਹੀ ਬੀਬੀਆਂ ਨਗਰ ਕੀਰਤਨ ਦੇ ਅੱਗੇ-ਅੱਗੇ ਸਫ਼ਾਈ ਕਰਦੀਆਂ ਜਾ ਰਹੀਆਂ ਸਨ। ਨਗਰ ਕੀਰਤਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਤੋਂ ਸ਼ੁਰੂ ਹੋ ਕੇ ਰਾਣੀ ਤਲਾਬ, ਸਿਟੀ ਥਾਣਾ, ਪਾਲਿਕਾ ਬਾਜ਼ਾਰ, ਫੁਹਾਰਾ ਚੌਕ, ਰਾਮ ਰਾਇ ਗੇਟ, ਬੈਂਡ ਮਾਰਕੀਟ, ਝਾਂਜ ਗੇਟ, ਸਿੰਘ ਸਭਾ ਗੁਰਦੁਆਰਾ ਭਾਰਤ ਸਿਨੇਮਾ ਰੋਡ, ਰੁਪਿਆ ਚੌਕ, ਬੱਤਖ ਚੌਕ, ਸਫੀਦੋਂ ਗੇਟ, ਕੁੰਦਨ ਸਿਨੇਮਾ ਅਤੇ ਬਾਲ ਭਵਨ ਰੋਡ ਹੁੰਦੇ ਹੋਏ ਵਾਪਸ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਹੁੰਚਿਆ, ਜਿੱਥੇ ਸਾਰੀ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਗਾਈ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਿੰਦਰ ਕੌਰ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਬੰਧਕ ਰਣਜੀਤ ਸਿੰਘ ਆਦਿ ਹਾਜ਼ਰ ਸਨ।
ਮਸਤਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਹਜੂਰੀ ਰਾਗੀ ਭਾਈ ਗੌਤਮ ਸਿੰਘ ਦੇ ਜਥੇ ਨੇ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ। ਨੌਜਵਾਨ ਸੇਵਕ ਸਭਾ ਦੇ ਸ਼ਬਦੀ ਜਥੇ ਤੇ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੇ ਸ਼ਬਦਾਂ ਰਾਹੀਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ।