ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜਨਵਰੀ
ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਤੋਂ ਵੱਡੀ ਗਿਣਤੀ ਨੌਜਵਾਨ ਨੌਕਰੀ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਭੱਜ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ਲੋਕ ਬੇਈਮਾਨ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਹ ਪ੍ਰਗਟਾਵਾ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਯਸ਼ੂਦੀਪ ਸਿੰਘ ਨੇ ਕੀਤਾ। ਉਹ ਅੱਜ ਇੱਥੇ ਪ੍ਰੈੱਸ ਸੂਚਨਾ ਬਿਊਰੋ (ਪੀਆਈਬੀ) ਵੱਲੋਂ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਯਸ਼ੂਦੀਪ ਸਿੰਘ ਨੇ ਕਿਹਾ ਕਿ ਗੈਰ-ਰਜਿਸਟਰਡ ਏਜੰਟਾਂ ਵੱਲੋਂ ਫ਼ਰਜ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਕੇ ਨੌਜਵਾਨਾਂ ਕੋਲੋਂ ਦੋ ਤੋਂ ਪੰਜ ਲੱਖ ਰੁਪਏ ਤੱਕ ਠੱਗੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਏਜੰਟਾਂ ਨਾਲ ਹੀ ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਨੌਜਵਾਨ ਡੰਕੀ ਰਾਹੀਂ ਵੀ ਵਿਦੇਸ਼ਾਂ ਵੱਲ ਜਾ ਰਹੇ ਹਨ, ਜੋ ਕਿ ਰਾਹ ਵਿੱਚ ਫੜੇ ਜਾਂਦੇ ਹਨ ਜਾਂ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਾਰਿਆਂ ਨੂੰ ਸਹੀ ਤਰੀਕੇ ਨਾਲ ਵਿਦੇਸ਼ ਜਾਣ ਲਈ ਕਿਹਾ। ਯਸ਼ੂਦੀਪ ਸਿੰਘ ਨੇ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਨਾਲ ਸਬੰਧਤ ਕੁੱਲ 158 ਇਮੀਗ੍ਰੇਸ਼ਨ ਏਜੰਟ ਰਜਿਸਟਰਡ ਹਨ। ਇਨ੍ਹਾਂ ਵਿੱਚੋਂ ਪੰਜਾਬ ਨਾਲ ਸਬੰਧਤ 118, ਚੰਡੀਗੜ੍ਹ ਦੇ 28, ਹਰਿਆਣਾ ਦੇ ਅੱਠ ਅਤੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਨਾਲ ਸਬੰਧਤ ਦੋ-ਦੋ ਏਜੰਟ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਪਿਛਲੇ ਇਕ ਸਾਲ ਵਿੱਚ ਰਜਿਸਟਰਡ ਏਜੰਟਾਂ ਨਾਲ ਸਬੰਧਤ 224 ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿੱਚੋਂ 207 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਜਦੋਂ ਕਿ ਸੱਤ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨਾਲ ਸੰਪਰਕ ਕਰ ਕੇ ਗੈਰ-ਰਜਿਸਟਰਡ ਏਜੰਟਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪੀਆਈਬੀ ਦੇ ਵਧੀਕ ਡਾਇਰੈਕਟਰ ਜਨਰਲ ਰਾਜਿੰਦਰ ਚੌਧਰੀ ਨੇ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਵਿਕਸਤ ਭਾਰਤ ਸੰਕਲਪ ਯਾਤਰਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਵੱਲੋਂ ਕੇਂਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਇਕ ਥਾਂ ’ਤੇ ਲਿਆ ਜਾ ਸਕਦਾ ਹੈ।