ਪੱਤਰ ਪ੍ਰੇਰਕ
ਬਠਿੰਡਾ, 27 ਜਨਵਰੀ
ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਪ ਕੁਲਪਤੀ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਕੌਮੀ ਝੰਢਾ ਲਹਿਰਾਇਆ। ਇਸ ਦੌਰਾਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿੱਚ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਗਿਆਨੀ ਜ਼ੈਲ ਸਿੰਘ ਦੇ ਸਾਬਕਾ ਕਾਰਜਕਾਰੀ ਪ੍ਰਿੰਸੀਪਲ ਅਤੇ ਮਕੈਨੀਕਲ ਵਿਭਾਗ ਦੇ ਮੁਖੀ ਪ੍ਰੋ. ਐਚ.ਐਸ. ਰੰਧਾਵਾ, ਮੁੱਖ ਮਹਿਮਾਨ ਨੇ ਰਾਸ਼ਟਰੀ ਝੰਡਾ ਲਹਿਰਾਇਆ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਨਗਰ ਕੌਂਸਲ ਵੱਲੋਂ ਦਫ਼ਤਰ ਵਿੱਚ ਪ੍ਰਧਾਨ ਜੋਨੀ ਬਾਂਸਲ ਦੀ ਅਗਵਾਈ ਹੇਠ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਅੰpਲੀ ਗਰਗ ਅਤੇ ਵਿਧਾੲਕ ਜਗਸੀਰ ਸਿੰਘ ਦੇ ਪੁੱਤਰ ਹਰਸਿਮਰਨ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਸ਼ਿਵਾਲਿਕ ਸਕੂਲ ਦੀਆਂ ਵਿਦਿਆਰਥਣਾਂ ਹਰਮਨ ਜੌੜਾ ਅਤੇ ਪਾਰਟੀ ਨੇ ਰਾਸ਼ਟਰੀ ਗੀਤ ਪੇਸ਼ ਕੀਤਾ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸੇ ਦੌਰਾਨ ਸਿਲਵਰ ਓਕਸ ਸਕੂਲ ਰਾਮਪੁਰਾ ਰੋਡ (ਬਠਿੰਡਾ) ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਛਾਇਆ ਵਿਨੋਚਾ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪ੍ਰਬੰਧਕੀ ਸਟਾਫ ਤੇ ਅਧਿਆਪਕਾਂ ਨੇ ਰਾਸ਼ਟਰੀ ਗਾਣ ਪੇਸ਼ ਕੀਤਾ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਸਬ ਡਿਵੀਜ਼ਨ ਮੈਜਿਸਟਰੇਟ ਸਵਾਤੀ ਟਿਵਾਣਾ ਨੇ ਸਥਾਨਕ ਦਾਣਾ ਮੰਡੀ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਡੀਐੱਸਪੀ ਮਨਜੀਤ ਸਿੰਘ ਢੇਸੀ, ਤਹਿਸੀਲਦਾਰ ਜਗਸੀਰ ਸਿੰਘ ਸਰਾਂ, ‘ਆਪ’ ਆਗੂ ਕੁਲਵੰਤ ਸਿੰਘ ਗਰੇਵਾਲ ਤੇ ਥਾਣਾ ਮੁਖੀ ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਫ਼ਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਗਣਤੰਤਰ ਦਿਵਸ ਨਾਲ ਸੰਬੰਧਿਤ ਚਾਰਟ ਬਣਾਉਣ ਦੇ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੌਕੇ ’ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।
ਤਪਾ ਮੰਡੀ (ਪੱਤਰ ਪ੍ਰੇਰਕ): ਇੱਥੇ ਅਨਾਜ ਮੰਡੀ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਤਪਾ ਡਾ. ਨਰਿੰਦਰ ਸਿੰਘ ਧਾਲੀਵਾਲ ਨੇ ਅਦਾ ਕੀਤੀ। ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਕੌਮੀ ਏਕਤਾ ਦੇ ਗੀਤ ਗਾਏ। ਐਸਡੀਐਮ ਨੇ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।
ਬੋਹਾ ਥਾਣਾ ਦੇ ਮੁਖੀ ਜਗਦੇਵ ਸਿੰਘ ਦਾ ਸਨਮਾਨ
ਬੋਹਾ (ਪੱਤਰ ਪ੍ਰੇਰਕ): ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿੱਚ ਗਣਤੰਤਰਤਾ ਦਿਵਸ ਸਮਾਰੋਹ ਸਮੇਂ ਢਾਈ ਮਹੀਨਿਆਂ ਵਿਚ 21 ਭਗੌੜੇ ਕਾਬੂ ਕਰਨ ਵਾਲੇ ਬੋਹਾ ਥਾਣਾ ਦੇ ਮੁਖੀ ਇੰਸਪੈਕਟਰ ਜਗਦੇਵ ਸਿੰਘ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨਿਤ ਕਰਨ ਦੀ ਰਸਮ, ਮਾਲ ਅਤੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਦਾ ਕੀਤੀ।