ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਫਰਵਰੀ
ਪਟਿਆਲਾ ਸ਼ਹਿਰ ਵਿਚ ਪਿਛਲੇ ਦਿਨੀਂ ਵਾਪਰੀ ਲੁੱਟ ਖੋਹ ਅਤੇ ਕਤਲ ਦੀ ਘਟਨਾ ਵਿੱਚ ਲੋੜੀਂਦੇ ਇੱਕ ਹੋਰ ਮੁਲਜ਼ਮ ਨੂੰ ਅੱਜ ਪਟਿਆਲਾ ਪੁਲੀਸ ਨੇ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਹੈ। ਮੁਲਜ਼ਮ, ਜਿਸ ਦੀ ਪਛਾਣ ਸੁਖਦੀਪ ਸਿੰਘ ਵਾਸੀ ਬੰਗਵਾਲੀ ਥਾਣਾ ਧੂਰੀ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ, ਸੱਜੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪਿਛਲੀ ਦਿਨੀਂ ਸ਼ਹਿਰ ਦੇ ਪਾਸੀ ਰੋਡ ’ਤੇ ਸਮੀਰ ਕਟਾਰੀਆ ਨਾਂ ਦੇ ਨੌਜਵਾਨ ਦਾ ਕਤਲ ਕਰਕੇ ਉਸ ਦੀ ਕਾਰ ਖੋਹ ਲਈ ਸੀ, ਪਰ ਮਗਰੋਂ ਕਾਰ ਵੀ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਮੁਲਜ਼ਮ ਕਾਰ ਛੱਡ ਕੇ ਫਰਾਰ ਹੋ ਗਏ ਸਨ। ਇਸ ਸਬੰਧੀ ਦੋ ਨੌਜਵਾਨਾਂ ਨੂੰ ਪਿਛਲੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਵੀ ਦੋਵਾਂ ਵਿੱਚੋਂ ਇੱਕ ਨੌਜਵਾਨ ਨੇ ਪੁਲੀਸ ’ਤੇ ਗੋਲੀਆਂ ਚਲਾਈਆਂ ਸਨ ਤੇ ਜਵਾਬੀ ਗੋਲੀਬਾਰੀ ਵਿਚ ਨੌਜਵਾਨ ਜ਼ਖਮੀ ਹੋ ਗਿਆ ਸੀ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਤੀਜੇ ਮੁਲਜ਼ਮ ਦੀ ਤਲਾਸ਼ ਵਿੱਚ ਅੱਜ ਜਦੋਂ ਸੀਆਈਏ ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਸਨੌਰ ਨੇੜੇ ਨਾਕਾ ਲਾਇਆ ਹੋਇਆ ਸੀ ਤਾਂ ਰੁਕਣ ਦਾ ਇਸ਼ਾਰਾ ਕਰਨ ’ਤੇ ਨੌਜਵਾਨ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਜਦੋਂ ਪੁਲੀਸ ਨੇ ਗੋਲੀ ਚਲਾਈ ਤਾ ਉਸ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ। ਮੁਲਜ਼ਮ ਨੂੰ ਜ਼ਖ਼ਮੀ ਹਾਲਤ ਵਿੱਚ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ।