ਚੰਡੀਗੜ੍ਹ, 15 ਫਰਵਰੀ
ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ ਤਿੰਨ ਕੇਂਦਰੀ ਮੰਤਰੀਆਂ ਦੀ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਕਰੇਗੀ। ਖੇਤੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ਾਮ 5 ਵਜੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ। ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਇਹ ਤੀਜਾ ਪੜਾਅ ਹੋਵੇਗਾ। 8 ਅਤੇ 12 ਫਰਵਰੀ ਨੂੰ ਹੋਈ ਗੱਲਬਾਤ ਦੇ ਪਹਿਲੇ ਦੋ ਦੌਰ ਬੇਸਿੱਟਾ ਰਹੇ ਸਨ। ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ ਅਤੇ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੀਟਿੰਗ ਨਹੀਂ ਹੁੰਦੀ ਉਹ ਦਿੱਲੀ ਵੱਲ ਜਾਣ ਦਾ ਕੋਈ ਯਤਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਤਜਵੀਜ਼ਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਦਾ ਫੈਸਲਾ ਕੀਤਾ ਜਾਵੇਗਾ।