ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਫਰਵਰੀ
ਇੱਥੇ ਚੰਡੀਗੜ੍ਹ ਕਾਂਗਰਸ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ। ਇਸ ਬਾਰੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ, ਜਦੋਂਕਿ ਭਾਜਪਾ ਵੱਲੋਂ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੀ ਵਾਰ ਕਿਸਾਨ ਅੰਦੋਲਨ ਸਮੇਂ ਕਿਸਾਨ ਜਥੇਬੰਦੀਆਂ ਦੀਆਂ ਜਿਹੜੀਆਂ ਮੰਗਾਂ ਮੰਨੀਆਂ ਸਨ, ਉਹ ਦੋ ਸਾਲ ਬਾਅਦ ਵੀ ਪੂਰੀਆਂ ਨਹੀਂ ਹੋ ਸਕੀਆਂ। ਉਸ ਤੋਂ ਬਾਅਦ ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਤਾਂ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਵੱਡੀਆਂ-ਵੱਡੀਆਂ ਰੋਕਾਂ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਦੋ ਦਿਨਾਂ ਤੋਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ ਅਤੇ ਕਿਸਾਨਾਂ ਨਾਲ ਅਣਮਨੁੱਖੀ ਵਤੀਰਾ ਅਪਣਾ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀ ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਚੁੱਕਣ ਦੇ ਕੰਮ ਕਰਦੀ ਆ ਰਹੀ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਵੱਲੋਂ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਅਨੁਸਾਰ ਭਾਰਤ ਬੰਦ ਵਿੱਚ ਸਹਿਯੋਗ ਕਰਨਗੇ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਵੱਲੋਂ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਪੁਰਜ਼ੋਰ ਯਤਨ ਕੀਤੇ ਜਾਂਦੇ ਹਨ। ਇਸੇ ਕਰਕੇ ਮੇਅਰ ਚੋਣਾਂ ਦਾ ਵਿਰੋਧ ਕਰਨ ’ਤੇ ਕਾਂਗਰਸ ਤੇ ‘ਆਪ’ ਦੀ ਆਵਾਜ਼ ਨੂੰ ਦਬਾਉਣ ਲਈ ਸ਼ਹਿਰ ਵਿੱਚ ਧਾਰਾ 144 ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਤੋਂ ਡਰਨ ਵਾਲੀ ਨਹੀਂ ਹੈ, ਉਹ ਭਾਜਪਾ ਦੀਆਂ ਧੱਕੇਸ਼ਾਹੀਆਂ ਦੀ ਡੱਟ ਕੇ ਵਿਰੋਧ ਕਰੇਗੀ।
ਪੀਐੱਸਆਈਈਸੀ ਸਟਾਫ ਐਸੋਸੀਏਸ਼ਨ ਵੱਲੋਂ ਭਾਰਤ ਬੰਦ ਦੀ ਹਮਾਇਤ
ਚੰਡੀਗੜ੍ਹ (ਪੱਤਰ ਪ੍ਰੇਰਕ): ਭਾਰਤ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਵੱਲੋਂ ਹਮਾਇਤ ਕੀਤੀ ਗਈ। ਅੱਜ ਮੁੱਖ ਦਫ਼ਤਰ ਚੰਡੀਗੜ੍ਹ ਉਦਯੋਗ ਭਵਨ ਸੈਕਟਰ 17 ਵਿਖੇ ਨਿਗਮ ਦੇ ਮੁਲਾਜ਼ਮਾਂ ਵੱਲੋਂ ਗੇਟ ਮੀਟਿੰਗ ਕੀਤੀ ਗਈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਤਾਰਾ ਸਿੰਘ, ਵਿੱਤ ਸਕੱਤਰ ਬਲਵੰਤ ਸਿੰਘ, ਦਫ਼ਤਰ ਸਕੱਤਰ ਰਣਦੀਪ ਸਿੰਘ, ਅਜੇ ਕੁਮਾਰ ਅਤੇ ਪ੍ਰਕਾਸ਼ ਮੁਹਾਲੀ ਨੇ ਮੀਟਿੰਗ ਵਿੱਚ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਮੁਲਾਜ਼ਮ ਵਰਗ ਨਾਲ ਕੀਤੀਆਂ ਜਾ ਰਹੀਆਂ ਹੋਰ ਵੀ ਵਧੀਕੀਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਗੇਟ ਮੀਟਿੰਗ ਦੇ ਅੰਤ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਤਾਰਾ ਸਿੰਘ ਨੇ ਨਿਗਮ ਦੇ ਸਮੂਹ ਮੁਲਾਜ਼ਮਾਂ ਨੂੰ 16 ਫ਼ਰਵਰੀ ਨੂੰ ਸੈਕਟਰ 17 ਸੈਕਟਰ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ, ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।