ਪੱਤਰ ਪ੍ਰੇਰਕ
ਮਾਛੀਵਾੜਾ, 21 ਫਰਵਰੀ
ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਅਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਲਈ 24 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਕੁਲਪ੍ਰੀਤ ਸਮਰਾ ਅਤੇ ਬਲਾਕ ਪ੍ਰਧਾਨ ਸਤਵੰਤ ਸਿੰਘ ਕੰਬੋਜ ਨੇ ਕਿਹਾ ਕੇ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ ਅਤੇ 24 ਫਰਵਰੀ ਨੂੰ ਸਿਹਤ ਮੰਤਰੀ ਦੀ ਪਟਿਆਲਾ ਵਿੱਚ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਇੱਕ ਮੰਗ ਪੱਤਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਆਦਰਸ਼ ਕੌਰ ਨੂੰ ਦਿੱਤਾ ਗਿਆ ਸੀ ਜਿਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇ 22 ਫਰਵਰੀ ਤੱਕ ਕੇਡਰ ਦਾ ਨਾਮ ਬਦਲਣ ਦੇ ਐਲਾਨ ਸਮੇਤ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ 24 ਫਰਵਰੀ ਵਿੱਚ ਸਿਹਤ ਮੰਤਰੀ ਦੀ ਪਟਿਆਲਾ ਕੋਠੀ ਅੱਗੇ ਸੂਬਾਈ ਧਰਨਾ ਦਿੱਤਾ ਜਾਵੇਗਾ।