ਚੰਡੀਗੜ੍ਹ, 23 ਫਰਵਰੀ
ਹਰਿਆਣਾ ਪੁਲੀਸ ਨੇ ਅੱਜ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ ਪੁਲੀਸ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕੌਮੀ ਸੁਰੱਖਿਆ ਕਾਨੂੰਨ, 1980 ਦੀ ਧਾਰਾ 2(3) ਤਹਿਤ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਹਿਰਾਸਤ ‘ਚ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਪੁਲੀਸ ਦੇ ਇੰਸਪੈਕਟਰ ਜਨਰਲ (ਅੰਬਾਲਾ ਰੇਂਜ) ਸਿਬਾਸ਼ ਕਬੀਰਾਜ ਨੇ ਕਿਹਾ, ‘ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਅੰਬਾਲਾ ਜ਼ਿਲ੍ਹੇ ਦੇ ਕੁਝ ਕਿਸਾਨ ਯੂਨੀਅਨ ਨੇਤਾਵਾਂ ‘ਤੇ ਕੌਮੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਨੂੰ ਲਾਗੂ ਕਰਨ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਗਿਆ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।’ ਉਨ੍ਹਾਂ ਧਰਨਾਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।