ਗੁਰਦੇਵ ਸਿੰਘ ਗਹੂੰਣ
ਬਲਾਚੌਰ, 28 ਫਰਵਰੀ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੇਲਾ ਤਾਜੋਵਾਲ ਵਿੱਚ ਰੇਤੇ ਦੀ ਜਨਤਕ ਖੱਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸੰਤੋਸ਼ ਕਟਾਰੀਆ, ਡੀਸੀ ਨਵਜੋਤ ਪਾਲ ਸਿੰਘ ਰੰਧਾਵਾ, ਬੀਸੀ ਵਿੰਗ ਦੇ ਪੰਜਾਬ ਪ੍ਰਧਾਨ ਸ਼ਿਵਕਰਨ ਸਿੰਘ ਚੇਚੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਵੀ ਮੌਜੂਦ ਸਨ।
ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਖੱਡਾਂ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸਬੀਐਸ ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ ਖੋਲ੍ਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਤੋਂ ਆਮ ਜਨਤਾ ਵੱਲੋਂ ਹੱਥੀਂ ਖੁਦਾਈ ਕਰ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਲਿਆ ਜਾ ਸਕਦਾ ਹੈ ਤੇ ਰੇਤੇ ਦੀ ਢੋਆ-ਢੁਆਈ ਦਾ ਪ੍ਰਬੰਧ ਆਪਣੇ ਪੱਧਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ ’ਤੇ ਆਮ ਲੋਕ ਖ਼ੁਦ ਰੇਤ ਦੀ ਖ਼ੁਦਾਈ ਕਰ ਕੇ ਵੇਚ ਸਕਦੇ ਹਨ। ਇਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਤੇ ਭਾਅ ਘਟਣਗੇ।