ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਮਾਰਚ
ਪੰਜਾਬ ਸਰਕਾਰ ਵੱਲੋਂ ਮੁਹਾਲੀ ਦੀ ਜੂਹ ਵਿੱਚ ਵੱਸਦੇ ਕਸਬਾ ਬਲੌਂਗੀ ਦੇ ਬਾਸ਼ਿੰਦਿਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦਘਾਟਨ ‘ਆਪ’ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤਾ। ਉਂਜ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਚੁਅਲ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦਾ ਇਹ 35ਵਾਂ ਨਵਾਂ ਆਮ ਆਦਮੀ ਕਲੀਨਿਕ ਹੈ। ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਵਧੇਰੇ ਤਰਜੀਹ ਦੇ ਰਹੀ ਹੈ ਅਤੇ ਚੋਣਾਂ ਸਮੇਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਦੀ ਤਰਜ਼ ’ਤੇ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਗਈ ਸੀ। ਜਿਸ ਦੇ ਤਹਿਤ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ 35 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲੋੜ ਅਨੁਸਾਰ ਹੋਰਨਾਂ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ 75 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਦੇ ਨਾਲ-ਨਾਲ 41 ਲੈਬ ਟੈੱਸਟ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਜਾਵੇਗੀ।
ਉਦਘਾਟਨ ਸਮਾਗਮ ਵਿੱਚ ਐੱਸਡੀਐੱਮ ਦੀਪਾਂਕਰ ਗਰਗ, ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ, ਬਲਾਕ ਪ੍ਰਧਾਨ ਆਰਪੀ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸਐਮਓ ਘੜੂੰਆਂ ਡਾ. ਸੁਰਿੰਦਰਪਾਲ ਕੌਰ, ਡਾ. ਅਨਿਲ ਵਸ਼ਿਸ਼ਟ, ਡਾ. ਲਵਲੀਨ ਕੌਰ, ਬੀਈਈ ਗੌਤਮ ਰਿਸ਼ੀ ਵੀ ਹਾਜ਼ਰ ਸਨ।