ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 4 ਮਾਰਚ
ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ ਨੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨਾਲ ਐੱਲ ਐਂਡ ਟੀ ਕੰਪਨੀ ਵੱਲੋਂ ਚਲਾਏ ਗਏ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਲਾ ਵਿੱਚ ਡਬਲਯੂ.ਟੀ.ਪੀ ਪ੍ਰਾਜੈਕਟ ਸਾਈਟ ਦਾ ਦੌਰਾ ਕੀਤਾ। ਐੱਲ ਐਂਡ ਟੀ ਕੰਪਨੀ ਦੇ ਅਧਿਕਾਰੀਆਂ ਨੇ ਇੱਕ ਪੇਸ਼ਕਾਰੀ ਦਿੱਤੀ। ਉਨ੍ਹਾਂ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਅਤੇ ਸਮਾਂ ਸੀਮਾ ਵਿੱਚ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ 440 ਐੱਮਐੱਲਡੀ ਪਲਾਂਟ ਸਾਈਟ ਦਾ ਵੀ ਦੌਰਾ ਕੀਤਾ ਅਤੇ ਪ੍ਰਾਜੈਕਟ ਦੇ ਵੇਰਵਿਆਂ ਨੂੰ ਚੰਗੀ ਤਰ੍ਹਾਂ ਦੇਖਿਆ।
ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਮੰਤਵ ਅੰਮ੍ਰਿਤਸਰ ਦੇ ਨਾਗਰਿਕਾਂ ਨੂੰ ਵੱਲਾ ਅਧਾਰਿਤ ਵਾਟਰ ਟ੍ਰੀਟਮੈਂਟ ਪਲਾਂਟ ਵਿੱਚ ਟਰੀਟਮੈਂਟ ਤੋਂ ਬਾਅਦ ਨਹਿਰੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਕਰਨਾ ਹੈ। ਇਸ ਵੇਲੇ ਪੀਣ ਵਾਲੇ ਪਾਣੀ ਦੀ ਸਪਲਾਈ ਟਿਊਬਵੈਲਾਂ ਰਾਹੀਂ ਕੀਤੀ ਜਾ ਰਹੀ ਹੈ।ਪਰ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ। ਇਸ ਪ੍ਰਾਜੈਕਟ ਲਈ 70 ਫ਼ੀਸਦੀ ਵਿਸ਼ਵ ਬੈਂਕ ਅਤੇ 30 ਫ਼ੀਸਦੀ ਫੰਡ ਸਰਕਾਰ ਵੱਲੋਂ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 784.33 ਕਰੋੜ ਹੈ, ਜਿਸ ਵਿੱਚੋਂ 665.32 ਕਰੋੜ ਡਿਜ਼ਾਈਨ ਬਿਲਡ ਸੇਵਾਵਾਂ ਲਈ, 98.26 ਕਰੋੜ ਸੰਚਾਲਨ ਅਤੇ ਰੱਖ-ਰਖਾਅ ਅਤੇ 20.75 ਕਰੋੜ ਪ੍ਰਬੰਧਾਂ ਲਈ ਹਨ। ਇਹ ਪ੍ਰਾਜੈਕਟ ਸ਼ੁਰੂ ਹੋਣ ਦੀ ਮਿਤੀ ਤੋਂ 36 ਮਹੀਨਿਆਂ ਦੇ ਅੰਦਰ-ਅੰਦਰ ਭਾਵ 8 ਜੁਲਾਈ 2021 ਤੋਂ 7 ਜੁਲਾਈ 2024 ਤੱਕ ਪੂਰਾ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਪ੍ਰਾਜੈਕਟ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਾਈਪ ਲਾਈਨਾਂ ਦੀ ਹਾਈਡਰੋ ਟੈਸਟਿੰਗ ਦੇਖਣ ਲਈ ਵਿਸ਼ੇਸ਼ ਹਦਾਇਤ ਕੀਤੀ ਤਾਂ ਜੋ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਜਲੰਧਰ: ਨਿਗਮ ਨੇ ਅਗਰਵਾਲ ਢਾਬੇ ਦੀ ਇਮਾਰਤ ਸੀਲ ਕੀਤੀ
ਜਲੰਧਰ: ਇੱਥੋਂ ਦੀ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਅੱਜ ਸਵੇਰੇ ਵੱਡੀ ਕਾਰਵਾਈ ਕਰਦਿਆਂ ਕੂਲ ਰੋਡ ’ਤੇ ਸਥਿਤ ਅਗਰਵਾਲ ਢਾਬੇ ਦੀ ਇਮਾਰਤ ਨੂੰ ਸੀਲ ਕਰ ਦਿੱਤਾ ਹੈ। ਇਮਾਰਤ ਦੀ ਉਸਾਰੀ ਦਾ ਕੰਮ ਅਜੇ ਚੱਲ ਰਿਹਾ ਸੀ। ਏਟੀਪੀ ਸੁਖਦੇਵ ਨੇ ਦੱਸਿਆ ਕਿ ਉਕਤ ਇਮਾਰਤ ਨਗਰ ਨਿਗਮ ਤੋਂ ਮਨਜ਼ੂਰੀ ਲਏ ਬਿਨਾਂ ਹੀ ਬਣਾਈ ਗਈ ਹੈ ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਏਟੀਪੀ ਸੁਖਦੇਵ ਵਸ਼ਿਸ਼ਟ ਨੇ ਦੱਸਿਆ ਕਿ ਅੱਜ ਅਗਰਵਾਲ ਢਾਬੇ ਦੀ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਨੋਟਿਸ ਵੀ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਮਾਰਤ ਦਾ ਨਕਸ਼ਾ ਵੀ ਪਾਸ ਨਹੀਂ ਕਰਵਾਇਆ ਗਿਆ ਸੀ ਜਦਕਿ ਉਸਾਰੀ ਦਾ ਕੰਮ ਜਾਰੀ ਸੀ। ਉਨ੍ਹਾਂ ਕਿਹਾ ਕਿ ਜੇਕਰ ਢਾਬਾ ਮਾਲਕ ਵੱਲੋਂ ਲਾਈ ਗਈ ਸੀਲ ਖੋਲ੍ਹੀ ਜਾਂਦੀ ਹੈ ਜਾਂ ਦੁਬਾਰਾ ਕੰਮ ਸ਼ੁਰੂ ਕੀਤਾ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਏਟੀਪੀ ਸੁਖਦੇਵ ਵਸ਼ਿਸ਼ਟ ਨੇ ਦੱਸਿਆ ਕਿ ਕੱਲ੍ਹ ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨਾਲ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਬਣੀਆਂ ਨਾਜਾਇਜ਼ ਇਮਾਰਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। -ਪੱਤਰ ਪ੍ਰੇਰਕ