ਜਗਮੋਹਨ ਸਿੰਘ
ਰੂਪਨਗਰ, 18 ਮਾਰਚ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਕਰੋੜ ਰੁਪਏ ਦੀ ਫਿਰੌਤੀ ਲਈ ਧਮਕੀ ਦੇਣ ਵਾਲੇ ਨੂੰ ਰੂਪਨਗਰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਸ੍ਰੀ ਚੰਨੀ ਨੇ ਕਿਹਾ ਸੀ ਕਿ ਕਿਸੇ ਨੂੰ ਉਨ੍ਹਾਂ ਨੂੰ ਫੋਨ ਕਰਕੇ ਧਮਕੀ ਦਿੱਤੀ ਹੈ ਤੇ ਮੈਸੇਜ ਕਰਕੇ ਦੋ ਕਰੋੜ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਵੱਲੋਂ 2 ਮਾਰਚ ਨੂੰ ਮੁਕਦੱਮਾ ਦਰਜ ਕਰਕੇ ਤਫਤੀਸ਼ ਐੱਸਪੀ ਡੀ. ਰੂਪਨਗਰ ਰੁਪਿੰਦਰ ਕੌਰ ਸਰਾ ਅਤੇ ਡੀਐੱਸਪੀ ਮੋਰਿੰਡਾ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਟੀਮ ਨੂੰ ਸੌਂਪੀ ਗਈ। ਧਮਕੀ ਦੇਣ ਵਾਲੇ ਦੀਪਕ ਸ੍ਰੀਮੰਤ ਕਾਂਬਲੇ ਵਾਸੀ ਮੁੰਬਈ ਦੀ ਪਛਾਣ ਕਰ ਕੇ ਉਸ ਨੂੰ ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਅਤੇ ਇੰਚਾਰਜ ਸੀਆਈਏ ਸਟਾਫ ਰੂਪਨਗਰ ਵੱਲੋਂ ਮਹਾਰਾਸ਼ਟਰ ਤੋਂ 15 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਪਾਸੋਂ ਲੈਪਟਾਪ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਤਿੰਨ ਦਿਨ ਦਾ ਪੁਲੀਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।