ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਮਾਰਚ
ਇਸ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਰਟੀ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਚੋਣ ਪਿੜ ’ਚ ਨਿੱਤਰੇ ਹਨ ਜਿਨ੍ਹਾਂ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬੀ ਗਾਇਕ ਹਾਕਮ ਬਖਤੜੀ ਵਾਲਾ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਹਲਕੇ ਵਿਚ ਵਿਚਰਨਾ ਆਰੰਭ ਦਿੱਤਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਬਸਪਾ ਵਲੋਂ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਜਦੋਂ ਕਿ ਵੱਖ-ਵੱਖ ਨਾਵਾਂ ਬਾਰੇ ਕਿਆਸਅਰਾਈਆਂ ਲੱਗ ਰਹੀਆਂ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਮੀਤ ਹੇਅਰ ਨੇ ਦੋ ਵਾਰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਚੋਣ ਲੜ ਕੇ ਜਿੱਤ ਪ੍ਰਾਪਤ ਕੀਤੀ ਹੈ। ਸਾਲ 2017 ਅਤੇ 2022 ’ਚ ਉਹ ਵਿਧਾਨ ਸਭਾ ਚੋਣ ਜਿੱਤੇ ਹਨ।
ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਮੁੜ ਚੋਣ ਪਿੜ ’ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਸਾਲ 1989 ’ਚ ਤਰਨ ਤਾਰਨ ਅਤੇ 1999 ’ਚ ਸੰਗਰੂਰ ਸੰਸਦੀ ਹਲਕੇ ਤੋਂ ਚੋਣ ਜਿੱਤ ਚੁੱਕੇ ਹਨ ਅਤੇ ਇਸ ਹਲਕੇ ਤੋਂ ਸਾਲ 2022 ਦੀ ਜ਼ਿਮਨੀ ਚੋਣ ਵੀ ਜਿੱਤ ਚੁੱਕੇ ਹਨ ਅਤੇ ਮੌਜੂਦਾ ਸੰਸਦ ਮੈਂਬਰ ਹਨ। ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ ’ਚ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਨਾਂ ਸ਼ਾਮਲ ਹੈ। ਸ੍ਰੀ ਵਿਜੈਇੰਦਰ ਸਿੰਗਲਾ ਦੇ ਨਾਮ ਦੀ ਚਰਚਾ ਸੰਗਰੂਰ ਤੋਂ ਇਲਾਵਾ ਪਟਿਆਲਾ ਹਲਕੇ ਤੋਂ ਵੀ ਚੱਲ ਰਹੀ ਹੈ ਜਿਸ ਬਾਰੇ ਆਉਣ ਵਾਲੇ ਦਿਨਾਂ ’ਚ ਫੈਸਲਾ ਲਿਆ ਜਾਵੇਗਾ।
ਭਾਵੇਂ ਅਕਾਲੀ-ਭਾਜਪਾ ਗੱਠਜੋੜ ਦਾ ਪੇਚ ਅਜੇ ਵੀ ਫਸਿਆ ਹੋਇਆ ਹੈ ਪਰ ਚੋਣ ਗੱਠਜੋੜ ਹੋੋਣ ਜਾਂ ਨਾ ਹੋਣ ਦੀ ਸੂਰਤ ਵਿਚ ਇਸ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਉਮੀਦਵਾਰੀ ਲਗਪਗ ਤੈਅ ਮੰਨੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਏਕਤਾ ਹੋਣ ਮਗਰੋਂ ਹੀ ਸ੍ਰੀ ਢੀਂਡਸਾ ਨੇ ਵੱਖ-ਵੱਖ ਹਲਕਿਆਂ ’ਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਜੇਕਰ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਨਾ ਹੋਇਆ ਤਾਂ ਭਾਜਪਾ ਵਲੋਂ ਅਰਵਿੰਦ ਖੰਨਾ, ਕੇਵਲ ਸਿੰਘ ਢਿੱਲੋਂ, ਹਰਜੀਤ ਸਿੰਘ ਗਰੇਵਾਲ, ਦਾਮਨ ਥਿੰਦ ਬਾਜਵਾ ’ਚੋਂ ਕਿਸੇ ਦੇ ਨਾਮ ਉਪਰ ਉਮੀਦਵਾਰੀ ਦੀ ਮੋਹਰ ਲੱਗ ਸਕਦੀ ਹੈ। ਬਸਪਾ ਵਲੋਂ ਪਾਰਟੀ ਆਗੂ ਚਮਕੌਰ ਸਿੰਘ ਵੀਰ ਅਤੇ ਡਾ. ਮੱਖਣ ਸਿੰਘ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਹਨ।