ਜੋਗਿੰਦਰ ਸਿੰਘ ਮਾਨ
ਮਾਨਸਾ, 27 ਮਾਰਚ
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਸਮਝੌਤਾ ਸੀਟਾਂ ਦੀ ਵੰਡ ਨੂੰ ਲੈ ਕੇ ਬਿਲਕੁਲ ਨਹੀਂ ਟੁੱਟਿਆ, ਸਗੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ 4-5 ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਤੋਂ ਦੂਰੀ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਣੇ ਹੋਰ ਆਗੂ ਸੀਟਾਂ ਦੀ ਵੰਡ ਨੂੰ ਲੈ ਕੇ ਗੱਠਜੋੜ ਸਿਰੇ ਨਾ ਚੜ੍ਹਨ ਦੀ ਗੱਲ ਕਰ ਰਹੇ ਹਨ, ਪਰ ਸੱਚਾਈ ਇਹ ਹੈ ਕਿ ਅਕਾਲੀ ਦਲ ਨੇ ਲੰਬੇ ਸਮੇਂ ਤੋਂ ਚਲੀ ਆ ਰਹੀ ਭਾਜਪਾ ਨਾਲ ਸਾਂਝ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੀ ਤੋੜੀ ਹੈ।
ਬਾਦਲ ਨੇ ਕਿਹਾ ਕਿ ਰਾਜ ਵਿੱਚ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਮੁਕਾਬਲਾ ਹੈ, ਜਿਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਕਦੇ ਵਫ਼ਾਦਾਰ ਨਹੀਂ ਹੋਈਆਂ। ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦਾ ਮੰਤਰੀ ਮੰਡਲ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝਿਆ ਹੋਇਆ ਹੈ।
ਜੋਗਾ (ਸ਼ੰਗਾਰਾ ਸਿੰਘ ਅਕਲੀਆ): ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਯਾਤਰਾ ਅੱਜ ਪਿੰਡ ਅਕਲੀਆ, ਸ਼ਹਿਰ ਜੋਗਾ, ਰੱਲਾ ਤੋਂ ਹੁੰਦੀ ਹੋਈ ਮਾਨਸਾ ਵੱਲ ਰਵਾਨਾ ਹੋ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਤੰਤਰ ਦੀ ਖ਼ੂਬਸੂਰਤੀ ਹੈ ਕਿ ਅਸਲ ਤਾਕਤ ਲੋਕਾਂ ਦੇ ਹੱਥਾਂ ਵਿੱਚ ਹੈ ਪਰ ਕਈ ਵਾਰ ਭਾਵੁਕ ਹੋ ਕੇ ਲੋਕ ਗ਼ਲਤ ਫ਼ੈਸਲਾ ਲੈ ਬੈਠਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਵਿਚਾਰਧਾਰਾ ਤੋਂ ਸੱਖਣੇ ਲੋਕਾਂ ਦੇ ਹੱਥ ਸੂਬੇ ਦੀ ਸੱਤਾ ਆਉਣ ਕਾਰਨ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਾਅਦਾ ਕਰਨ ਦੇ ਬਾਵਜੂਦ ਔਰਤਾਂ ਦੇ ਖਾਤੇ ਵਿੱਚ ਹਜ਼ਾਰ-ਹਜ਼ਾਰ ਰੁਪਏ ਅਜੇ ਤੱਕ ਨਹੀਂ ਆਇਆ। ਹੁਣ ਪੰਜਾਬ ਦੀਆਂ ਬੀਬੀਆਂ ਹੀ ਇਨ੍ਹਾਂ ਨੂੰ ਸਬਕ ਸਿਖਾਉਣਗੀਆਂ।
ਅਕਾਲੀ ਦਲ ਦੇ ਉਮੀਦਵਾਰਾਂ ਦਾ ਜਲਦ ਹੋਵੇਗਾ ਐਲਾਨ
ਬੁਢਲਾਡਾ (ਅਮਿਤ ਕੁਮਾਰ): ਅੱਜ ‘ਪੰਜਾਬ ਬਚਾਓ’ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹਿਮਤੀ ਬਣ ਚੁੱਕੀ ਹੈ ਆਉਣ ਵਾਲੇ ਦਿਨਾਂ ਵਿੱਚ ਨਾਂਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧੱਸ ਰਹੇ ਹਨ, ਜਿਸ ਦੀ ਮੁੱਖ ਜ਼ਿੰਮੇਵਾਰ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਹੈ। ਭਾਜਪਾ, ਕਾਂਗਰਸ ਅਤੇ ‘ਆਪ’ ਪੰਜਾਬ ਨੂੰ ਬਰਬਾਦ ਕਰਨ ’ਤੇ ਤੁਲੀਆਂ ਹੋਈਆਂ ਹਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਜ਼ੱਦੀ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ। ਇਸ ਕਾਰਨ ਦਰਜਨ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ।
ਰਵਿਦਾਸਪੁਰਾ ’ਚ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ
ਸੁਨਾਮ ਊਧਮ ਸਿੰਘ ਵਾਲਾ (ਸਤਨਾਮ ਸਿੰਘ ਸੱਤੀ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਨਾਮ ਦੇ ਟਿੱਬੀ ਰਵਿਦਾਸਪੁਰਾ ’ਚ ਸ਼ਰਾਬ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਲੈ ਕੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਤੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਉਸ ਨੇ ਪਿੰਡਾਂ ’ਚ ਘਰ-ਘਰ ਨਸ਼ਾ ਪੁੱਜਦਾ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਕੁਝ ਅਫਸਰਾਂ ਨੇ ਦੱਸਿਆ ਕਿ ‘ਆਪ’ ਵਿਧਾਇਕ ਕਥਿਤ ਤੌਰ ’ਤੇ ਸ਼ਰ੍ਹੇਆਮ ਪੈਸੇ ਲੈਣ ਲੱਗ ਪਏ ਹਨ ਤੇ ਅਫਸਰਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਤਸਕਰਾਂ ਨੂੰ ਹੱਥ ਨਾ ਪਾਇਆ ਜਾਵੇ। ਬਾਦਲ ਨੇ ਕਿਹਾ ਕਿ ਜੇ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਨਾ ਦਿੱਤੀ ਗਈ ਤਾਂ ਉਹ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣਗੇ।