ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸਰਕਾਰੀ ਖਰੀਦ ਮੰਡੀਆਂ ਖਤਮ ਕਰਕੇ ਤੇ ਵੱਡੇ ਘਰਾਣਿਆਂ ਦੇ ਗੋਦਾਮਾਂ ਨੂੰ ਖਰੀਦ ਕੇਂਦਰਾਂ ਵਿੱਚ ਬਦਲ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਤਰ੍ਹਾਂ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਅਸਿੱਧੇ ਢੰਗ ਨਾਲ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਹਨ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ 700 ਤੋਂ ਜ਼ਿਆਦਾ ਕਿਸਾਨਾਂ ਨੇ ਲੰਬੇ ਸੰਘਰਸ਼ ਵਿੱਚ ਸ਼ਹੀਦੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਕ ਪਾਸੇ ਤਾਂ ਕਿਸਾਨਾਂ ਨਾਲ ਦੋਸਤੀ ਦਾ ਦਾਅਵਾ ਕਰ ਰਹੇ ਹਨ ਅਤੇ ਦੂਜੇ ਪਾਸੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਦਿਨ ਦਿਹਾੜੇ ਗੋਲੀਬਾਰੀ ਕਰਨ ਦੇ ਮਾਮਲੇ ’ਤੇ ਚੁੱਪ ਧਾਰ ਰਹੇ ਹਨ।