ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 2 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਕ੍ਰਮਵਾਰ ਮਹਿੰਦਰ ਸਿੰਘ ਕਮਾਲਪੁਰਾ, ਜਗਤਾਰ ਸਿੰਘ ਦੇਹੜਕਾ, ਬੂਟਾ ਸਿੰਘ ਚਕਰ, ਬਲਰਾਜ ਸਿੰਘ ਕੋਟਉਮਰਾ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਸਕੱਤਰ ਕੰਵਲਜੀਤ ਖੰਨਾ ਨੇ ਸਰਕਾਰ ਦੇ ਸਾਇਲੋਜ਼ ਬਾਰੇ ਲਏ ਫ਼ੈਸਲੇ ਤੋਂ ਪਿੱਛੇ ਹਟਣ ਨੂੰ ਲੋਕਾਂ ਦੇ ਭਾਰੀ ਦਬਾਅ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਇਕਜੁੱਟ ਹੋ ਕੇ ਜੇ ਕਿਸੇ ਵੀ ਸਰਕਾਰੀ ਫ਼ੈਸਲੇ ਖ਼ਿਲਾਫ਼ ਡਟ ਜਾਣ ਤਾਂ ਉਸ ਨੂੰ ਪਟਲਣ ਲਈ ਸਰਕਾਰਾਂ ਨੂੰ ਮਜਬੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਅਰੇ ਹੇਠ ’ਤੇ ਕਾਬਜ਼ ਹੋਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੀ ਮੋਦੀ ਸਰਕਾਰ ਦੇ ਪਦਚਿੰਨ੍ਹਾਂ ’ਤੇ ਹੀ ਚੱਲ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਭਵਿੱਖ ’ਚ ਵੀ ਸਰਕਾਰ ਨੇ ਕੋਈ ਲੋਕ ਵਿਰੋਧੀ ਫ਼ੈਸਲਾ ਲਿਆ ਤਾਂ ਉਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਸਥਿਤ ਚੌਕੀਮਾਨ ਟੌਲ ਪਲਾਜ਼ੇ ’ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ 26 ਮਾਰਕੀਟ ਕਮੇਟੀਆਂ ਦਾ ਖ਼ਾਤਮਾ ਕਰਨ ਅਤੇ 11 ਪ੍ਰਾਈਵੇਟ ਸਾਇਲੋਜ਼ ਨੂੰ ਮਨਜ਼ੂਰੀ ਦੇਣ ਖ਼ਿਲਾਫ਼ ਮੁਜ਼ਾਹਰਾ ਕੀਤਾ। ਸਾਂਝੇ ਫੋਰਮ ਦੇ ਸੱਦੇ ’ਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ। ਰੋਸ ਰੈਲੀ ਨੂੰ ਸਕੱਤਰ ਜਸਦੇਵ ਸਿੰਘ ਲਲਤੋਂ, ਅਮਰੀਕ ਸਿੰਘ ਤਲਵੰਡੀ, ਗੁਰਸੇਵਕ ਸਿੰਘ ਸਵੱਦੀ, ਗੁਰਮੇਲ ਸਿੰਘ ਢੱਟ, ਅਵਤਾਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਜਸਵੰਤ ਸਿੰਘ ਮਾਨ, ਹਰੀ ਸਿੰਘ ਚਚਰਾੜੀ, ਮਨਜੀਤ ਸਿੰਘ ਸਿੱਧਵਾਂ, ਬੂਟਾ ਸਿੰਘ ਬਰਸਾਲ, ਅਵਤਾਰ ਸਿੰਘ ਸੰਗਤਪੁਰਾ, ਅਮਰਜੀਤ ਸਿੰਘ ਗੁੜੇ, ਬਲਬੀਰ ਸਿੰਘ ਪੰਡੋਰੀ ਆਦਿ ਹਾਜ਼ਰ ਸਨ।