ਪੱਤਰ ਪ੍ਰੇਰਕ
ਹੁਸ਼ਿਆਰਪੁਰ, 3 ਅਪਰੈਲ
ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਹੁਸ਼ਿਆਰਪੁਰ ਲੋਕ ਸਭਾ ਹਲਕੇ ’ਚ ਆਦਰਸ਼ ਚੋਣ ਜ਼ਾਬਤੇ ਦੀ ਹੋ ਰਹੀ ਉਲੰਘਣਾ ਦੀ ਨਿੰਦਾ ਕਰਦਿਆਂ ਕਿਹਾ ਕਿ ਆਦਰਸ਼ਤਾ ਸਿਰਫ਼ ਕਹਿਣ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਨੇਕਾਂ ਥਾਵਾਂ ਉਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਫ਼ਲੈਕਸਾਂ ਅਤੇ ਕੰਧਾ ਉਤੇ ਪੋਸਟਰ ਲੱਗੇ ਹੋਏ ਹਨ। ਧੀਮਾਨ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵੀ ਚੋਣ ਜ਼ਾਬਤੇ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨ। ਧੀਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਮੁੱਖ ਚੋਣ ਕਮਿਸ਼ਨ ਪੰਜਾਬ ਦੇ ਧਿਆਨ ਹੇਠ ਵੀ ਲਿਆਂਦਾ ਹੈ।
ਉਨ੍ਹਾਂ ਦੱਸਿਆ ਕਿ ਉਹ ਸੀ ਵਿਜਲ ਐਪ ਉਤੇ ਲਗਭਗ ਹਰ ਰੋਜ਼ ਫੋਟੋਆਂ ਭੇਜ ਰਹੇ ਹਨ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਸਬੰਧੀ ਕੰਮ ਕਰਨ ਵਾਲੇ ਅਧਿਕਾਰੀ ਜੋ ਲੰਬੇ ਸਮੇਂ ਤੋਂ ਅਪਣੇ ਹੀ ਜ਼ਿਲ੍ਹੇ ਵਿਚ ਬੈਠੇ ਹਨ, ਉਹ ਵੋਟਰਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ, ਇਸ ਕਰਕੇ ਹੋਰਨਾਂ ਵਿਭਾਗਾਂ ਵਾਂਗ ਇਨ੍ਹਾਂ ਦੀ ਵੀ ਬਦਲੀ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਵੀ ਆਦਰਸ਼ ਚੋਣ ਜਾਬਤਾ ਲਾਗੂ ਕਰਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ।