ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 7 ਅਪਰੈਲ
ਸ਼੍ਰੋੋਮਣੀ ਅਕਾਲੀ ਦਲ ਦੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਇੱਥੇ ਕਿਹਾ ਕਿ ਅਕਾਲੀ ਦਲ ਪੰਥਕ ਅਤੇ ਕਿਸਾਨੀ ਮੁੱਦਿਆਂ ’ਤੇ ਕਿਸੇ ਵੀ ਕੀਮਤ ਉੱਤੇ ਸਮਝੌਤਾ ਨਹੀਂ ਕਰ ਸਕਦਾ। ਉਹ ਗੁਰਦੁਆਰਾ ਸ੍ਰੀ ਜੋਤਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਅ ਦੇ ਨਾਂ ’ਤੇ ਪੰਜਾਬ ਨੂੰ ਬਰਬਾਦੀ ਦੀ ਕਗਾਰ ’ਤੇ ਖੜ੍ਹਾ ਕਰ ਦਿੱਤਾ ਹੈ। ਭਗਵੰਤ ਮਾਨ ਦੀ ਗ਼ੈਰ-ਸੰਜੀਦਗੀ ਨੇ ਨਸ਼ਿਆਂ ਵਿੱਚ ਵਾਧਾ ਅਤੇ ਗੈਂਗਸਟਰਾਂ ਵੱਲੋਂ ਫ਼ਿਰੌਤੀਆਂ ਮੰਗਣ ਕਾਰਨ ਆਮ ਆਦਮੀ ਅਸੁਰੱਖਿਅਤ ਮਹਿਸੂਸ ਕਰ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਅਸੂਲਾਂ ’ਤੇ ਪਹਿਰਾ ਦਿੰਦਿਆਂ ਭਾਜਪਾ ਤੋਂ ਨਾਤਾ ਤੋੜ ਕੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਸਾਰੇ ਮੱਤਭੇਦ ਭੁਲਾ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੰਭਲਾ ਮਾਰਨ। ਇਸ ਮੌਕੇ ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਬਾਈ ਪਰਮਿੰਦਰ ਸਿੰਘ ਸੇਖੋਂ, ਨੰਬਰਦਾਰ ਬਲਬੀਰ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਕਰਨੈਲ ਸਿੰਘ ਅਤੇ ਕੁਲਵੀਰ ਸਿੰਘ ਆਦਿ ਹਾਜ਼ਰ ਸਨ।