ਪੱਤਰ ਪ੍ਰੇਰਕ
ਜਲੰਧਰ, 3 ਮਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਰਾਜ ਕਮੇਟੀ ਦੇ ਸਕੱਤਰੇਤ ਦੀ ਮੀਟਿੰਗ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਨ ਲਈ ਉਚੇਚੇ ਪੁੱਜੇ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਹੈ ਕਿ ਵਰਤਮਾਨ ਚੋਣਾਂ ਦੇਸ਼ ਅਤੇ ਦੇਸ਼ ਵਾਸੀਆਂ ਦੇ ਭਵਿੱਖ ਲਈ ਬਹੁਤ ਅਹਿਮ ਸਾਬਤ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੀ ਜਿੱਤ-ਹਾਰ ਨੇ ਇਹ ਫੈਸਲਾ ਕਰਨਾ ਹੈ, ਕਿ ਕੀ ਲੱਖਾਂ ਕੁਰਬਾਨੀਆਂ ਅਤੇ ਅਦੁੱਤੀ ਸ਼ਹਾਦਤਾਂ ਸਦਕਾ ਸੁਤੰਤਰ ਹੋਏ ਦੇਸ਼ ਦਾ ਜਮਹੂਰੀ, ਧਰਮ ਨਿਰਪੱਖ ਤੇ ਫੈਡਰਲ ਢਾਂਚਾ ਬਰਕਰਾਰ ਰਹੇਗਾ ਜਾਂ ਫਿਰ ਇਹ ਮਹਾਨ ਦੇਸ਼ ਮੰਨੂ ਸਿਮਰਤੀ ਦੇ ਚੌਖਟੇ ਵਾਲੇ ਧਰਮ ਅਧਾਰਤ ਕੱਟੜ ਹਿੰਦੂਤਵੀ ਰਾਸ਼ਟਰ ’ਚ ਤਬਦੀਲ ਹੋ ਜਾਵੇਗਾ। ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਰਾਜ ਕਮੇਟੀ ਦੇ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਹੈ ਕਿ ਸਕੱਤਰੇਤ ਵਲੋਂ ਆਜ਼ਾਦਾਨਾ ਚੋਣ ਮੁਹਿੰਮ ਚਲਾ ਕੇ ਚੰਡੀਗੜ੍ਹ ਸਮੇਤ ਪੰਜਾਬ ਦੀਆਂ ਗੁਰਦਾਸਪੁਰ, ਸ੍ਰੀ ਅੰਮਿਰਤਸਰ ਸਾਹਿਬ, ਖਡੂਰ ਸਾਹਿਬ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਫਰੀਦਕੋਟ ਸੀਟਾਂ ਤੋਂ ‘ਇੰਡੀਆ’ ਗੱਠਜੋੜ ਦੀ ਪ੍ਰਮੁੱਖ ਭਾਈਵਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ।