ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਜਲੰਧਰ, 11 ਮਈ
ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਦੇ ਦੇਹਾਂਤ ਦੀ ਖ਼ਬਰ ਸਮੁੱਚਾ ਪੰਜਾਬੀ ਭਾਈਚਾਰਾ ਸੁੰਨ ਹੋ ਕੇ ਰਹਿ ਗਿਆ। ਸਮੂਹ ਪੰਜਾਬੀ ਸਾਹਿਤ ਪ੍ਰੇਮੀਆਂ ਨੇ ਪਾਤਰ ਦੇ ਚਲਾਣੇ ਨੂੰ ਕਾਵਿ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਸੁਰਜੀਤ ਪਾਤਰ ਚਾਲਣੇ ਦਾ ਸਮਾਜਿਕ, ਧਾਰਮਿਕ, ਰਾਜਨੀਤਕ ਅਤੇ ਸਾਹਿਤਕ ਸਖਸ਼ੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ, ਸਾਹਿਤਕਾਰ ਡਾ. ਲਖਵਿੰਦਰ ਸਿੰਘ ਜੌਹਲ ਅਤੇ ਡਾ. ਗੋਪਾਲ ਸਿੰਘ ਬੁੱਟਰ ਨੇ ਸੁਰਜੀਤ ਪਾਤਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਤੇ ਪੰਜਾਬ ਲੋਕ ਸੱਭਿਆਚਾਰਕ ਮੰਚ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਬਟਾਲਾ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੋਸਾਇਟੀ ਅਤੇ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਸਣੇ ਹੋਰ ਸਾਹਿਤਕ ਸਭਾਵਾਂ ਦੇ ਅਹੁਦੇਦਾਰਾਂ ਨੇ ਸੋਗ ਸਭਾ ਕਰਕੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਹਿਤਕਾਰਾਂ ਨੇ ਪਾਤਰ ਦੀ ਮੌਤ ਨੂੰ ਵੱਡਾ ਘਾਟਾ ਕਰਾਰ ਦਿੱਤਾ।
ਕਾਹਨੂੰਵਾਨ (ਪੱਤਰ ਪ੍ਰੇਰਕ): ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਜਨਰਲ ਸਕੱਤਰ ਪ੍ਰਿਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੀ ਤਰੱਕੀ ਲਈ ਪਾਤਰ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਨ੍ਹਾਂ ਤੋਂ ਇਲਾਵਾ ਹੋਰ ਸ਼ਖਸੀਅਤਾਂ ਨੇ ਵੀ ਪਾਤਰ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਾਤਰ ਦੇ ਚਲਾਣੇ ’ਤੇ ਲੇਖਕ ਭਾਈਚਾਰੇ ਵਿੱਚ ਸੋਗ ਦੀ ਲਹਿਰ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ/ਖੇਤਰੀ ਪ੍ਰਤੀਨਿਧ): ਕੰਪਨੀ ਬਾਗ ’ਚ ਮੀਟਿੰਗ ਦੌਰਾਨ ਸਥਾਨਕ ਲੇਖਕ ਭਾਈਚਾਰੇ ਨੇਸ਼ਾਇਰ ਪਦਮਸ੍ਰੀ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਪਾਤਰ ਦੀ ਮੌਤ ਨਾਲ ਪੰਜਾਬੀ ਸਾਹਿਤ ਅਤੇ ਪੰਜਾਬੀ ਸ਼ਾਇਰੀ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ। ਇਸ ਮੌਕੇ ਡਾ. ਪਰਮਿੰਦਰ, ਹਰਜੀਤ ਸਿੰਘ ਸੰਧੂ, ਪ੍ਰਿੰ ਕੁਲਵੰਤ ਸਿੰਘ ਅਣਖੀ, ਐੱਸ. ਪਰਸ਼ੋਤਮ, ਡਾ ਵਜ਼ੀਰ ਸਿੰਘ ਰੰਧਾਵਾ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਅੱਜ ਵਿਰਸਾ ਵਿਹਾਰ ਵਿਖੇ ਪ੍ਰਗਤੀਸ਼ੀਲ ਲੇਖਕ ਸੰਘ, ਵਿਰਸਾ ਵਿਹਾਰ ਸੁਸਾਇਟੀ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਜੀਠਾ, ਇਕਾਈ ਤਰਨ ਤਾਰਨ, ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਅੱਖਰ ਸਾਹਿਤ ਮੰਚ, ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਡੇਰਾ ਬਾਬਾ ਨਾਨਕ ਆਦਿ ਸੰਸਥਾਵਾਂ ਨੇ ਪਾਤਰ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤਾ। ਇਸ ਮੌਕੇ ਡਾ. ਸੁਰਜੀਤ ਜੱਜ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਆਦਿ ਹਾਜ਼ਰ ਸਨ।