ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 13 ਮਈ
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਉਨ੍ਹਾਂ ਆਪਣੇ ਕਾਗ਼ਜ਼ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਨੂੰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਪ੍ਰਕਾਸ਼ ਸਿੰਘ ਭੱਟੀ ਆਦਿ ਮੌਜੂਦ ਸਨ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਜਮ੍ਹਾਂ ਕਰਵਾਏ। ਉਨ੍ਹਾਂ ਨਾਲ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ, ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕਈ ਆਦਿ ਮੌਜੂਦ ਸਨ। ਉਨ੍ਹਾਂ ਭਾਜਪਾ ਸਰਕਾਰ ’ਤੇ ਵਧੀਕੀਆਂ ਕਰਨ ਦੇ ਦੋਸ਼ ਲਾਏ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਹੁਣ ਤੱਕ ਪੂਰੇ ਹੋਏ ਵੋਟਿੰਗ ਦੇ ਗੇੜਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਅਗਲੀ ਸਰਕਾਰ ਨਹੀਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਪਾਰਟੀ ਵਿੱਚ ਘਬਰਾਹਟ ਹੈ। ਜਦੋਂ ਪੰਜਾਬ ਦੇ ਲੋਕਾਂ ਦੇ ਰੁਝਾਨ ਬਾਰੇ ਪੁੱਛਿਆ ਗਿਆ ਤਾਂ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬੀ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਅਤੇ ਇਸ ਦੀ ਲੀਡਰਸ਼ਿਪ ਵੱਲੋਂ ਠੱਗਿਆ ਮਹਿਸੂਸ ਕਰ ਰਹੇ ਹਨ। ਲੋਕਾਂ ਨੇ ਇਹ ਵੀ ਮਹਿਸੂਸ ਕਰ ਲਿਆ ਹੈ ਕਿ ‘ਆਪ’ ਤੇ ਕਾਂਗਰਸ ਇਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੋਵੇਂ ਪਾਰਟੀਆਂ ਦੋਸਤਾਨਾ ਮੈਚ ਖੇਡ ਰਹੀਆਂ ਹਨ ਕਿਉਂਕਿ ਕੌਮੀ ਪੱਧਰ ’ਤੇ ਦੋਵਾਂ ਵਿੱਚ ਗੱਠਜੋੜ ਹੋ ਚੁੱਕਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਠਿੰਡਾ ਦੇ ਲੋਕ ਵੀ ਵਿਕਾਸ ਵੱਲ ਦੇਖ ਰਹੇ ਹਨ। ਬਠਿੰਡਾ ਵਿਚ ਵਿਕਾਸ ਵੱਡਾ ਮੁੱਦਾ ਬਣ ਗਿਆ ਹੈ ਕਿਉਂਕਿ ਕਾਂਗਰਸ ਤੇ ‘ਆਪ’ ਦੋਵਾਂ ਸਰਕਾਰਾਂ ਨੇ ਇਸ ਹਲਕੇ ਨਾਲ ਵਿਤਕਰਾ ਕੀਤਾ ਹੈ।
ਨਾਮਜ਼ਦਗੀ ਭਰਨ ਤੋਂ ਪਹਿਲਾਂ ਦਮਦਮਾ ਸਾਹਿਬ ਨਤਮਸਤਕ ਹੋਏ ਹਰਸਿਮਰਤ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਬਠਿੰਡਾ ਕੋਲ ਆਪਣੇ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਪਰਿਵਾਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਹਰਸਿਮਰਤ ਕੌਰ ਬਾਦਲ ਨੇ ਆਪਣੇ ਪਤੀ ਸੁਖਬੀਰ ਸਿੰਘ ਬਾਦਲ, ਦੋਵੇਂ ਧੀਆਂ ਹਰਕੀਰਤ ਕੌਰ ਬਾਦਲ, ਗੁਰਲੀਨ ਕੌਰ ਬਾਦਲ ਅਤੇ ਬੇਟੇ ਆਨੰਤਵੀਰ ਸਿੰਘ ਬਾਦਲ ਸਮੇਤ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ।
ਅਕਾਲੀ ਸਰਕਾਰ ਨੇ ਜਥੇਦਾਰ ਕਾਉਂਕੇ ਦਾ ਮਾਮਲਾ ਹੱਲ ਨਾ ਕੀਤਾ: ਗਰੇਵਾਲ
ਬਠਿੰਡਾ (ਮਨੋਜ ਸ਼ਰਮਾ): ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਜਾਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਬਾਦਲਾਂ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਕੇਂਦਰੀ ਵਜ਼ੀਰ ਹੁੰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਆਪਣੇ ਇਲਾਕੇ ਦੇ ਕਿਸਾਨਾਂ ਦੀ ਸਾਰ ਨਹੀਂ ਲਈ, ਜਿਸ ਕਰ ਕੇ ਇਸ ਪੱਟੀ ਦੇ ਕਿਸਾਨਾਂ ਨੂੰ ਮਜਬੂਰੀਵੱਸ ਕਿੰਨੂਆਂ ਅਤੇ ਅੰਗੂਰਾਂ ਦੇ ਬਾਗ ਪੁੱਟਣੇ ਪਏ। ਇਸ ਨਾਲ ਬਾਦਲ ਪਰਿਵਾਰ ਦਾ ਹੀ ਵਿਕਾਸ ਹੋਇਆ। ਉਨ੍ਹਾਂ ਸੁਖਬੀਰ ’ਤੇ ਵਰ੍ਹਦਿਆਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਨਾ ਤਾਂ ਬੇਅਦਬੀ ਮਾਮਲੇ ’ਚ ਦੋਸ਼ੀਆਂ ਨੂੰ ਫੜ ਸਕੇ ਤੇ ਨਾ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਸਲਾਖ਼ਾਂ ਪਿੱਛੇ ਸੁੱਟ ਸਕੇ ।