ਗੁਰਨਾਮ ਸਿੰਘ ਚੌਹਾਨ
ਪਾਤੜਾਂ, 14 ਮਈ
ਪਾਤੜਾਂ ਚੋਣ ਦਫ਼ਤਰ ਦਾ ਉਦਘਾਟਨ ਕਰਨ ਪੁੱਜੀ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਦਾ ਕਿਸਾਨ ਜਥੇਬੰਦੀਆਂ ਨੇ ਡਟਵਾਂ ਵਿਰੋਧ ਕੀਤਾ। ਕਿਸਾਨਾਂ ਨੇ ਪ੍ਰਨੀਤ ਕੌਰ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਭਾਜਪਾ ਉਮੀਦਵਾਰ ਦੇ ਆਉਣ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਵੱਡੀ ਗਿਣਤੀ ਵਿੱਚ ਵਰਕਰ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਭਾਜਪਾ ਦੇ ਚੋਣ ਦਫ਼ਤਰ ਸਾਹਮਣੇ ਦੁਪਹਿਰ 12 ਵਜੇ ਪਹੁੰਚ ਗਏ ਸਨ ਜਦਕਿ ਪ੍ਰਨੀਤ ਕੌਰ ਮਿੱਥੇ ਸਮੇਂ ਤੋਂ ਕਰੀਬ ਡੇਢ ਘੰਟਾ ਦੇਰੀ ਨਾਲ ਪੁੱਜੇ। ਕਿਸਾਨ ਜਥੇਬੰਦੀਆਂ ਦੇ ਵਰਕਰ ਨੇ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਗਟਾਵਾ ਕਰਦਿਆਂ ਲਗਾਤਾਰ ਛੇ ਘੰਟੇ ਪੂਰੇ ਜੋਸ਼ੋ-ਖਰੋਸ਼ ਨਾਲ ਪ੍ਰਨੀਤ ਕੌਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਚੋਣ ਪ੍ਰਚਾਰ ਦੇ ਪਹਿਲੇ ਦਿਨ ਰਾਣਾ ਸੋਢੀ ਦਾ ਵਿਰੋਧ
ਬੱਲੂਆਣਾ (ਰਜਿੰਦਰ ਕੁਮਾਰ): ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਦਾ ਅੱਜ ਅਬੋਹਰ ਪੁੱਜਣ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ। ਕਿਸਾਨ ਆਗੂ ਸੁਭਾਸ਼ ਗੋਦਾਰਾ, ਗੁਣਵੰਤ ਸਿੰਘ ਪੰਜਾਵਾ ਅਤੇ ਗੋਲਡੀ ਮੰਮੂ ਖੇੜਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਕਰੀਬ ਤਿੰਨ ਘੰਟੇ ਤੱਕ ‘ਭਾਰਤ ਸਰਕਾਰ ਮੁਰਦਾਬਾਦ’, ‘ਰਾਣਾ ਸੋਢੀ ਗੋ ਬੈਕ’ ਦੇ ਨਾਅਰੇ ਲਗਾਏ। ਰਾਣਾ ਸੋਢੀ ਆਪਣੇ ਚੋਣ ਪ੍ਰਚਾਰ ਦੇ ਪਹਿਲੇ ਦਿਨ ਅੱਜ ਅਬੋਹਰ ਪੁੱਜੇ ਸਨ। ਅੱਜ ਅਬੋਹਰ ਦੇ ਵਿਧਾਇਕ ਚੌਧਰੀ ਸੰਦੀਪ ਜਾਖੜ ਨੇ ਰਾਣਾ ਸੋਢੀ ਦੀ ਆਮਦ ’ਤੇ ਇੱਕ ਵਰਕਰ ਮੀਟਿੰਗ ਰੱਖੀ ਸੀ। ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਅਕਾਲੀ ਦਲ ਤੋਂ ਵੱਖ ਹੋ ਕੇ ਪਹਿਲੀ ਵਾਰ ਲੋਕ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰੀਆਂ ਸੀਟਾਂ ’ਤੇ ਪਾਰਟੀ ਦੇ ਉਮੀਦਵਾਰ ਜੇਤੂ ਰਹਿਣਗੇ। ਉਨ੍ਹਾਂ ਵਾਅਦਾ ਕੀਤਾ ਕਿ ਚੋਣ ਜਿੱਤਣ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹੇ ਨੂੰ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਅਤੇ ਪੁਲੀਸ ਵਿਚਾਲੇ ਹੋਈ ਧੱਕਾ ਮੁੱਕੀ; ਕਿਸਾਨ ਆਗੂ ਦੀ ਉਤਰੀ ਪੱਗ
ਘੱਗਾ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਚੋਣ ਦਫ਼ਤਰ ਦੇ ਉਦਘਾਟਨ ਕਰਨ ਸਮੇਂ ਵਿਰੋਧ ਕਰਦੀਆਂ ਕਿਸਾਨ ਜਥੇਬੰਦੀਆਂ ਅਤੇ ਪੁਲੀਸ ਵਿਚਾਲੇ ਹੋਈ ਝੜਪ ਹੋ ਗਈ। ਧੱਕਾ ਮੁੱਕੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਪੱਗ ਉਤਰ ਗਈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਘੱਗਾ ਤੇ ਪਿਆਰਾ ਸਿੰਘ ਨੂੰ ਘੱਗਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੇ ਵਰਕਰਾਂ ਨੇ ਥਾਣਾ ਘੱਗਾ ਦਾ ਘਿਰਾਓ ਕਰਕੇ ਪਾਤੜਾ-ਪਟਿਆਲਾ ਮੁੱਖ ਮਾਰਗ ਉੱਤੇ ਟਰੈਫਿਕ ਜਾਮ ਕਰ ਦਿੱਤੀ ਹੈ। ਘਟਨਾ ਦਾ ਪਤਾ ਲੱਗਦਿਆਂ ਆਸ-ਪਾਸ ਦੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਧਰਨੇ ਵਾਲੀ ਥਾਂ ਉੱਤੇ ਪਹੁੰਚ ਗਏ। ਕਿਸਾਨਾਂ ਨੇ ਪੁਲੀਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਥਾਣਾ ਮੁਖੀ ਘੱਗਾ ਦਰਸ਼ਨ ਸਿੰਘ ਨੇ ਵਿਰੋਧ ਕਰਦੇ ਕਿਸਾਨਾਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਮਾਹੌਲ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਗੱਲਬਾਤ ਬੇਸਿੱਟਾ ਰਹੀ।