ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵਿਖੇ ਔਰਤਾਂ ਨਾਲ ਦੁਰਵਿਵਹਾਰ ਹੋਣ ਦੇ ਦੋਸ਼ ਲਾਉਂਦਿਆਂ ਅੱਜ ਚੰਡੀਗੜ੍ਹ ਵਿੱਚ ਭਾਜਪਾ ਦੇ ਮਹਿਲਾ ਮੋਰਚਾ ਦੀਆਂ ਆਗੂਆਂ ਤੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੈਕਟਰ-33/34 ਦੇ ਲਾਈਟ ਪੁਆਇੰਟ ’ਤੇ ਭਾਜਪਾ ਮਹਿਲਾ ਮੋਰਚੇ ਦੀਆਂ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਕੇਜਰੀਵਾਲ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਹਿਲਾ ਮੋਰਚਾ ਦੀਆਂ ਕਾਰਕੁਨਾਂ ਨੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਵੀ ਸਾੜਿਆ। ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਹੀਰਾ ਨੇਗੀ ਨੇ ਕਿਹਾ ਕਿ ਕੇਜਰੀਵਾਲ ਦੀ ਰਿਹਾਇਸ਼ ਵਿਖੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਜੋ ਹੋਇਆ, ਉਹ ਕਿਸੇ ਅਪਰਾਧ ਤੋਂ ਘੱਟ ਨਹੀਂ ਹੈ। ਅੱਜ ਤਿੰਨ ਦਿਨ ਬੀਤਣ ਦੇ ਬਾਵਜੂਦ ਉਸ ਮਾਮਲੇ ਸਬੰਧੀ ਕੋਈ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਥਾਂ ਇਸ ਘਟਨਾ ਨੂੰ ਗਲਤ ਦੱਸ ਕੇ ਆਪਣਾ ਪੱਲਾ ਝਾੜ ਰਹੇ ਹਨ।
ਹੀਰਾ ਨੇਗੀ ਨੇ ਕਿਹਾ ਕਿ ਜੇਕਰ ‘ਆਪ’ ਆਗੂ ਮੰਨ ਰਹੇ ਹਨ ਕਿ ਇਹ ਘਟਨਾ ਗਲਤ ਹੈ ਤਾਂ ਹਾਲੇ ਤੱਕ ਕਥਿਤ ਦੋਸ਼ੀ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਮੁਲਜ਼ਮ ਸਾਫ ਤੌਰ ’ਤੇ ਦਿਖਾਈ ਦੇ ਰਹੇ ਹਨ, ਉਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਔਰਤਾਂ ਨਾਲ ਅਜਿਹੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮਹਿਲਾ ਮੋਰਚਾ ਦੀਆਂ ਆਗੂਆਂ ਨੇ ਸਵਾਤੀ ਮਾਲੀਵਾਲ ਨਾਲ ਹੱਥੋਪਾਈ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਮਹਿਲਾ ਮੋਰਚਾ ਵੱਲੋਂ ਹੋਰ ਤਿਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਪੁਸ਼ਪਾ ਰਾਠੌਰ, ਰੇਖਾ ਸੂਦ, ਹੇਮਾ, ਗੀਤਾ ਸ਼ਰਮਾ ਆਦਿ ਮੌਜੂਦ ਸਨ।