ਨਵੀਂ ਦਿੱਲੀ, 19 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਸ਼ੁਰੂ ਕੀਤਾ ਹੈ ਕਿਉਂਕਿ ਉਹ ‘ਆਪ’ ਨੂੰ ਚੁਣੌਤੀ ਵਜੋਂ ਦੇਖਦੀ ਹੈ। ਭਾਜਪਾ ਹੈੱਡਕੁਆਰਟਰ ’ਤੇ ‘ਆਪ’ ਦੇ ਤਜਵੀਜ਼ਤ ਰੋਸ ਮਾਰਚ ਤੋਂ ਪਹਿਲਾਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਗੇ ਵੱਡੀਆਂ ਚੁਣੌਤੀਆਂ ਆਉਣਗੀਆਂ। ਉਨ੍ਹਾਂ ਕਾਰਕੁਨਾਂ ਨੂੰ ਇਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਕੇਜਰੀਵਾਲ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਦੀ ਵਧਦੀ ਹਰਮਨਪਿਆਰਤਾ ਤੋਂ ਚਿੰਤਤ ਹਨ। ਪਾਰਟੀ ਕਾਫ਼ੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਪਾਰਟੀ ਨੂੰ ਕੁਚਲਣ ਲਈ ਅਪਰੇਸ਼ਨ ਝਾੜੂ’ ਸ਼ੁਰੂ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਸਾਡੇ ਬੈਂਕ ਖਾਤਿਆਂ ’ਚੋਂ ਲੈਣ-ਦੇਣ ’ਤੇ ਪਾਬੰਦੀ ਲਗਾ ਦਿੱਤੀ ਜਾਵੇਗੀ, ਸਾਡੇ ਦਫ਼ਤਰ ਵੀ ਖੋਹ ਲਏ ਜਾਣਗੇ ਅਤੇ ਅਸੀਂ ਸੜਕਾਂ ’ਤੇ ਆ ਜਾਵਾਂਗੇ।’’ ਉਧਰ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੇ ਐਲਾਨ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਇੱਥੇ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਹਾਲਾਂਕਿ, ਪੁਲੀਸ ਨੇ ਕਿਹਾ ਕਿ ‘ਆਪ’ ਨੇ ਰੋਸ ਪ੍ਰਦਰਸ਼ਨ ਲਈ ਮਨਜ਼ੂਰੀ ਨਹੀਂ ਲਈ ਹੈ। ਦੀਨਦਿਆਲ ਉਪਾਧਿਆਏ ਮਾਰਗ ’ਤੇ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਾਰਨ ਟਰੈਫਿਕ ਪੁਲੀਸ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਟਰੈਫਿਕ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਦਿੱਲੀ ਵਿੱਚ ਡੀਡੀਯੂ ਮਾਰਗ ’ਤੇ ਇੱਕ ਸਿਆਸੀ ਪਾਰਟੀ ਵੱਲੋਂ ਤਜਵੀਜ਼ਤ ਵਿਰੋਧ ਪ੍ਰਦਰਸ਼ਨ ਕਾਰਨ, ਡੀਡੀਯੂ ਮਾਰਗ, ਆਈਪੀ ਮਾਰਗ, ਮਿੰਟੋ ਰੋਡ ਅਤੇ ਵਿਕਾਸ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਵੇਗੀ।’’ ਡੀਡੀਯੂ ਰੂਟ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਲਈ ਬੰਦ ਕੀਤਾ ਜਾ ਸਕਦਾ ਹੈ। ਕਿਰਪਾ ਕਰਕੇ ਇਨ੍ਹਾਂ ਸੜਕਾਂ ’ਤੇ ਜਾਣ ਤੋਂ ਬਚੋ ਅਤੇ ਇਸ ਮੁਤਾਬਕ ਆਪਣੀ ਯਾਤਰਾ ਦੀ ਯੋਜਨਾ ਬਣਾਓ।’’ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹਤਿਆਤ ਵਜੋਂ ਭਾਜਪਾ ਹੈੱਡਕੁਆਰਟਰ ’ਤੇ ਸੁਰੱਖਿਆ ਵਧਾ ਦਿੱਤੀ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐੱਮਆਰਸੀ) ਨੇ ਭਾਜਪਾ ਹੈੱਡਕੁਆਰਟਰ ਨੇੜੇ ਸਥਿਤ ਆਈਟੀਓ ਮੈਟਰੋ ਸਟੇਸ਼ਨ ’ਤੇ ਅੰਦਰ ਜਾਣ ’ਤੇ ਬਾਹਰ ਜਾਣ ਦੇ ਰਸਤੇ ਬੰਦ ਕਰ ਦਿੱਤੇ ਹਨ। -ਪੀਟੀਆਈ