ਜੋਗਿੰਦਰ ਸਿੰਘ ਮਾਨ
ਮਾਨਸਾ, 20 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਿਲਾਵਾਂ ਨੂੰ ਕਿਹਾ ਕਿ ਉਹ ਕਾਂਗਰਸ ਵੱਲੋਂ ਉਨ੍ਹਾਂ ਦੇ ਵੋਟ ਦਾ ਅਧਿਕਾਰ ਖੋਹਣ ਦੀ ਰਚੀ ਜਾ ਰਹੀ ਸਾਜ਼ਿਸ਼ ਤੋਂ ਚੌਕਸ ਰਹਿਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਸਾਲ ਇੱਕ ਲੱਖ ਰੁਪਏ ਦੇਣ ਦੇ ਝੂਠੇ ਵਾਅਦੇ ਦੇ ਫਾਰਮ ਭਰਵਾ ਰਹੀ ਹੈ ਤਾਂ ਜੋ ਔਰਤਾਂ ਦੀਆਂ ਵੋਟਾਂ ਲਈਆਂ ਜਾ ਸਕਣ। ਉਹ ਅੱਜ ਮਾਨਸਾ ਵਿੱਚ ਵੱਖ-ਵੱਖ ਥਾਈਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ‘ਆਪ’ ਨੇ ਤੁਹਾਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਅਤੇ ਹੁਣ ਤੱਕ ਇਕ ਦੁੱਕੀ ਵੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਪਾਰਟੀ ਤੁਹਾਨੂੰ ਇੱਕ-ਇੱਕ ਲੱਖ ਰੁਪਏ ਹਰ ਸਾਲ ਦੇਣ ਦਾ ਵਾਅਦਾ ਕਰ ਰਹੀ ਹੈ ਅਤੇ ‘ਆਪ’ ਵਾਂਗੂ ਕਾਂਗਰਸ ਦਾ ਵੀ ਇਹ ਵਾਅਦਾ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਕੀਤੇ ਵਾਅਦਿਆਂ ਦਾ ਹਸ਼ਰ ਚੇਤੇ ਕਰ ਲੈਣ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਅਤੇ ਨੌਜਵਾਨਾਂ ਨੂੰ ਵੀ ਪੱਚੀ-ਪੱਚੀ ਸੌ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਦੋਵੇਂ ਵਾਅਦੇ ਕਾਗਜ਼ਾਂ ਤੱਕ ਸੀਮਤ ਰਹਿ ਗਏ ਹਨ।
ਹਰਸਿਮਰਤ ਬਾਦਲ ਨੇ ‘ਆਪ’ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਔਰਤਾਂ ਲਈ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਹੀਂ ਦਿੱਤੇ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਜਦੋਂ ‘ਆਪ’ ਵਾਲੇ ਵੋਟਾਂ ਮੰਗਣ ਆਉਣ ਤਾਂ ਔਰਤਾਂ 26 ਮਹੀਨਿਆਂ ਦੇ 26-26 ਹਜ਼ਾਰ ਰੁਪਏ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿਚ ਪਾਉਣ ਲਈ ਆਖਣ।
ਅਕਾਲੀ ਦਲ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ: ਸੁਖਬੀਰ
ਫਾਜ਼ਿਲਕਾ (ਪਰਮਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਜਦੋਂ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੇ ਰਾਜ ਵਿਚ ਹੀ ਹੋਇਆ ਹੈ। ਕਾਂਗਰਸ ਨੇ ਲੰਬਾ ਸਮਾਂ ਰਾਜ ਕੀਤਾ, ਰਾਸ਼ਟਰਪਤੀ ਸ਼ਾਸਨ ਲਗਾਇਆ ਗਿਆ ਪਰ ਇਸ ਤੋਂ ਬਾਅਦ ਜਦੋਂ ਅਕਾਲੀ ਦਲ ਬਾਦਲ ਸੱਤਾ ਵਿਚ ਆਇਆ ਤਾਂ ਉਸ ਨੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਤੋਰਿਆ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿਕਾਸ ਦਾ ਪਹੀਆ ਰੋਕ ਦਿੱਤਾ ਹੈ। ਉਹ ਇੱਥੋਂ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਵੱਲੋਂ ਸੂਬੇ ਵਿੱਚ ਸਰਕਾਰ ਬਣਾਈ ਗਈ ਤਾਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਗਈ। ਇਸ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜੇਤੂ ਬਣਾਉਣਾ ਬਹੁਤ ਜ਼ਰੂਰੀ ਹੈ।